ਫ਼ਿਰੋਜ਼ਪੁਰ, 22 ਦਸੰਬਰ (ਸੁਖਵਿੰਦਰ ਸਿੰਘ)-ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਸਿਹਤ, ਪੋਸ਼ਣ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਇੰਡਿਕੇਟਰਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ, ਗਰਭਵਤੀ ਮਹਿਲਾਵਾਂ ਦੀ ਐਨਟੀ-ਨੈਟਲ ਦੇਖਭਾਲ, ਪਹਿਲੇ ਤਿਮਾਹੀ ਦੌਰਾਨ ਏ.ਐਨ.ਸੀ. ਰਜਿਸਟਰੇਸ਼ਨ, ਆਈ.ਸੀ.ਡੀ.ਐੱਸ. ਅਧੀਨ ਪੋਸ਼ਣ ਸੇਵਾਵਾਂ, ਅਨੀਮੀਆ ਦੀ ਜਾਂਚ ਅਤੇ ਇਲਾਜ, ਸੰਸਥਾਗਤ ਡਿਲਿਵਰੀਆਂ, ਜਨਮ ਸਮੇਂ ਨਵਜੰਮੇ ਬੱਚਿਆਂ ਦੀ ਸੰਭਾਲ, ਘੱਟ ਜਨਮ ਭਾਰ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਵਰਗੇ ਅਹਿਮ ਨੁਕਤਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਇਸ ਤੋਂ ਇਲਾਵਾ ਟੀ.ਬੀ. ਕੇਸਾਂ ਅਤੇ ਇਲਾਜ ਦੀ ਸਫਲਤਾ ਦਰ, ਹੈਲਥ ਐਂਡ ਵੈਲਨੈੱਸ ਸੈਂਟਰਾਂ, ਪੀ.ਐੱਚ.ਸੀਜ਼ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਆਂਗਣਵਾੜੀ ਕੇਂਦਰਾਂ ਦੀ ਬੁਨਿਆਦੀ ਢਾਂਚਾ ਸਥਿਤੀ ਸਬੰਧੀ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਨਿਰਧਾਰਿਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੀ ਗੁਣਵੱਤਾ ਵਿਚ ਸੁਧਾਰ ਲਿਆਂਦਾ ਜਾਵੇ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਵਿਚ ਸਿਹਤ, ਪੋਸ਼ਣ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਇੰਡਿਕੇਟਰਾਂ ਵਿਚ ਸੁਧਾਰ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇ | ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਸੰਜੀਵ ਮੈਨੀ ਸਮੇਤ ਸਿਹਤ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |