ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅਜੀਤ ਡੈਸਕ
25-12-2025
ਫ਼ਾਜ਼ਿਲਕਾ, 24 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਸੰਸਥਾਪਕ ਸੁਰਜੀਤ ਕੌਰ ਬਰਾੜ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਨਿੱਕੀਆਂ ਜਿੰਦਾਂ ਵੱਡੇ ਸਾਕੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਰਧਾ ਨਾਲ ਹਿੱਸਾ ਲੈਂਦਿਆਂ ਸ਼ਹਾਦਤ ਨੂੰ ਨਮਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਪ੍ਰੇਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਸਕੂਲ ਕੰਪਲੈਕਸ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪੂਰੀ ਮਰਯਾਦਾ ਅਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਚੰਗੇ ਕੰਮ ਕਰਨ, ਦੇਸ਼ ਦੀ ਸੇਵਾ ਕਰਨ ਅਤੇ ਜੀਵਨ ਵਿਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਜਿਸ ਉਮਰ ਵਿਚ ਬੱਚੇ ਖੇਡਾਂ ਵਿਚ ਰੁੱਝੇ ਹੁੰਦੇ ਹਨ, ਉਸ ਉਮਰ ਵਿਚ ਸਾਹਿਬਜ਼ਾਦਿਆਂ ਨੇ ਧਰਮ ਲਈ ਆਪਣੀ ਕੁਰਬਾਨੀ ਦੇ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਸਮਾਜ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ | ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ | ਪ੍ਰੋਗਰਾਮ ਦੇ ਆਯੋਜਨ ਵਿਚ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਅਤੇ ਸਟਾਫ਼ ਤੇ ਵਿਦਿਆਰਥੀਆਂ ਨੇ ਮਿਲ ਕੇ ਲੰਗਰ ਵਰਤਾਇਆ |