ਗੋਨਿਆਣਾ, 3 ਜੂਨ (ਲਛਮਣ ਦਾਸ ਗਰਗ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੁਲਿਸ ਹਿਰਾਸਤ ਵਿਚ ਮਾਰੇ ਗਏ ਨਰਿੰਦਰਦੀਪ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਡੂੰਘੀ ਸੰਵੇਦਨਾ ਜਤਾਈ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨੰਨੂ ਦੀ ਮੌਤ ਪੰਜਾਬ ਪੁਲਿਸ ਦੇ ਕਥਿਤ ਜ਼ਬਰਦਸਤੀ ਦੇ ਨਤੀਜੇ ਵਜੋਂ ਹੋਈ ਹੈ ਅਤੇ ਇਹ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਨੂੰ ਉਹ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਜ਼ੋਰਦਾਰ ਢੰਗ ਨਾਲ ਚੁੱਕਣਗੇ | ਉਨ੍ਹਾਂ ਨੇ ਪੰਜਾਬ ਵਿਚ ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ, 'ਪੰਜਾਬ ਵਿਚ ਅੱਜ ਜੰਗਲਰਾਜ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰ ਅਤੇ ਪੁਲਿਸ ਤੋਂ ਭਰੋਸਾ ਘੱਟ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਹ ਮਿ੍ਤਕ ਦੇ ਪਰਿਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮਿਲਾਉਣਗੇ ਅਤੇ ਇਸ ਮਾਮਲੇ ਵਿਚ ਉੱਚ ਪੱਧਰੀ ਨਿਆਂਪੂਰਨ ਜਾਂਚ ਦੀ ਮੰਗ ਕਰਨਗੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਲਈ ਸ਼ਰਮਨਾਕ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਪਰਿਵਾਰ ਨੇ ਵੀ ਵਿਧਾਇਕ ਦੇ ਸਾਹਮਣੇ ਆਪਣਾ ਦਰਦ ਸਾਂਝਾ ਕੀਤਾ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ | ਅਸ਼ਵਨੀ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਭਾਜਪਾ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਮੰਚ 'ਤੇ ਆਵਾਜ਼ ਉਠਾਈ ਜਾਵੇਗੀ |