ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ) ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੇੜੇ ਗੁਰੂ ਅਰਜਨ ਦੇਵ ਨਿਵਾਸ ਦੇ ਕੋਲ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਨੇ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਇੱਥੇ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਸ੍ਰੀ ਅੰਮਿ੍ਤਸਰ ਸਾਹਿਬ ਵਰਗੇ ਪਵਿੱਤਰ ਸ਼ਹਿਰ 'ਚ ਜਿੱਥੇ ਪਹਿਲਾਂ ਹੀ ਐਨੀ ਵੱਡੀ ਤਾਦਾਦ 'ਚ ਪੁਲਿਸ ਫੋਰਸ ਤਾਇਨਾਤ ਹੈ, ਓਥੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰ ਜਾਣੀ ਮੰਦਭਾਗਾ ਵਰਤਾਰਾ ਹੈ ਅਤੇ ਸਰਕਾਰ ਨੂੰ ਕੁਝ ਕਹਿਣ ਲਈ ਹੁਣ ਬਚਿਆ ਹੀ ਨਹੀਂ | ਉਨ੍ਹਾਂ ਕਿਹਾ ਕਿ ਵਾਰ ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ | ਇਸ ਲਈ ਸਰਕਾਰ ਨੂੰ ਅਜਿਹੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਸਿੰਘ ਸਾਹਿਬ ਨੇ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ ਇਹ ਏਜੰਸੀਆਂ ਦੀ ਖੇਡ ਹੈ ਅਤੇ ਇਸ ਬਾਰੇ ਸਿੱਖ ਸੰਗਤਾਂ ਸਾਹਮਣੇ ਸੱਚਾਈ ਆਉਣੀ ਚਾਹੀਦੀ ਹੈ |