ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜਿੱਥੇ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕਰ ਰਹੀ ਹੈ | ਝੋਨੇ ਦੀ ਥਾਂ 'ਤੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ 7 ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮਦਦ ਦੇ ਤੌਰ 'ਤੇ ਦਿੱਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ | ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਕਿਸਾਨ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਮੱਕੀ ਦੀ ਫ਼ਸਲ ਦੀ ਕਾਸ਼ਤ ਕਰਨ ਨੂੰ ਤਰਜ਼ੀਹ ਦੇਣ | ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਤਕਰੀਬਨ 3750 ਏਕੜ ਵਿਚ ਝੋਨੇ ਦੀ ਥਾਂ 'ਤੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੁਆਰਾ 7 ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮਦਦ ਦੇ ਤੌਰ 'ਤੇ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਾਇਲਟ ਪ੍ਰੋਜੈਕਟ ਅਧੀਨ ਝੋਨੇ ਦੀ ਥਾਂ 'ਤੇ ਸਾਉਣੀ ਦੀ ਫ਼ਸਲ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ ਹੈ | ਜੂਨ ਮਹੀਨਾ ਮੱਕੀ ਦੀ ਬਿਜਾਈ ਲਈ ਢੁਕਵਾਂ ਸਮਾਂ ਹੈ | ਮੱਕੀ ਦੀਆਂ ਹਾਈਬਿ੍ਡ ਕਿਸਮਾਂ ਦਾ ਝਾੜ 24-25 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨਾਲ ਲਗਾਤਾਰ ਤਾਲਮੇਲ ਕਰਕੇ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਮੱਕੀ ਦੀ ਫ਼ਸਲ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |