ਬਠਿੰਡਾ, 5 ਸਤੰਬਰ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਤਿੰਨ ਜਣਿਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ ਪੁਲਿਸ ਨੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਕੋਤਵਾਲੀ 'ਚ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸੰਬੰਧੀ ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਦਰਜ ਕਰਵਾਏ ਬਿਆਨ 'ਚ ਖੇਮ ਰਾਜ ਵਾਸੀ ਪਿੰਡ ਕਟਾਰ ਸਿੰਘ ਵਾਲਾ ਨੇ ਦੱਸਿਆ ਕਿ ਬੀਤੇ 1 ਸਤੰਬਰ ਨੂੰ ਬਠਿੰਡਾ ਦੀ ਦਾਣਾ ਮੰਡੀ 'ਚੋਂ ਦੋ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ ਸਨ, ਜਿਸ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਮਹਿਕਪ੍ਰੀਤ ਸਿੰਘ ਅਤੇ ਮਹਿਕਦੀਪ ਸਿੰਘ ਵਾਸੀਆਨ ਪਿੰਡ ਜੱਸੀ ਪੌ ਵਾਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸ਼ਹਿਰ 'ਚੋਂ ਲੋਕਾਂ ਦੇ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜਿਸ ਨੂੰ ਐੱਸ.ਆਈ. ਬੇਅੰਤ ਸਿੰਘ ਦੀ ਅਗਵਾਈ ਵਾਲੀ ਪਾਰਟੀ ਨੇ ਸਥਾਨਕ ਗੋਲ ਡਿੱਗੀ ਨੇੜਿਓਾ ਗਿ੍ਫ਼ਤਾਰ ਕਰਦਿਆਂ ਉਸ ਕੋਲੋਂ 1 ਮੋਟਰਸਾਈਕਲ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਦੀ ਪਹਿਚਾਣ ਕਿਰਨਦੀਪ ਸਿੰਘ ਵਾਸੀ ਪਿੰਡ ਕੋਠਾ ਗੁਰੂ ਵਜੋਂ ਹੋਈ ਹੈ, ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |