ਤਲਵੰਡੀ ਸਾਬੋ, 6 ਸਤੰਬਰ (ਰਣਜੀਤ ਸਿੰਘ ਰਾਜੂ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਫ਼ਾਜ਼ਿਲਕਾ ਜ਼ਿਲੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਸਮੁੱਚੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ/ਸਮਾਜਿਕ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ ਉੱਥੇ ਉਨਾਂ ਨੇ ਇੱਕ ਸੰਦੇਸ਼ ਜਾਰੀ ਕਰਦਿਆਂ ਵਿਦੇਸ਼ੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ | ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੀ ਟੀਮ ਨਾਲ ਜ਼ਿਲਾ ਫ਼ਾਜ਼ਿਲਕਾ ਦੇ ਪਿੰਡ ਹਸਤ ਕਲਾਂ ਅਤੇ ਨਵਾਂ ਹਸਤਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨਾਂ ਨੇ ਹੜਾਂ ਕਾਰਣ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਦੇਖਿਆ ਉੱਥੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਸਿੰਘ ਸਾਹਿਬ ਨੇ ਕਿਹਾ ਕਿ ਇਸ ਕੁਦਰਤੀ ਕਰੋਪੀ ਦੌਰਾਨ ਸਰਕਾਰਾਂ ਨੂੰ ਦੁਖੀ ਅਤੇ ਪ੍ਰਭਾਵਿਤ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ ਅਤੇ ਹਰ ਸੰਭਵ ਮਦਦ ਉਨਾਂ ਤੱਕ ਪਹੁੰਚਾਉਣੀ ਚਾਹੀਦੀ ਹੈ | ਉਹਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਵੱਖ-ਵੱਖ ਧਾਰਮਿਕ ਸਮਾਜਿਕ ਸੰਸਥਾਵਾਂ ਵਲੋਂ ਲੰਗਰਾਂ ਅਤੇ ਹੋਰ ਹਰ ਤਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਜੋ ਸ਼ਲਾਘਾਯੋਗ ਕਾਰਜ ਹੈ | ਜਥੇਦਾਰ ਬਾਬਾ ਟੇਕ ਸਿੰਘ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਦੇਸ਼ੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਹੜ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਵੇਲੇ ਬਣਦੀ ਮਦਦ ਲਈ ਅੱਗੇ ਆਉਣ | ਸਿੰਘ ਸਾਹਿਬ ਨੇ ਬਾਬਾ ਜਮਨਾ ਦਾਸ ਡੇਰਾ ਦੁੱਨੇਵਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਉਕਤ ਖੇਤਰ 'ਚ ਲਗਾਏ ਲੰਗਰ ਵਿਚ ਵੀ ਸ਼ਿਰਕਤ ਕੀਤੀ ਤੇ ਉਨਾਂ ਵਲੋਂ ਕੀਤੇ ਜਾ ਰਹੇ ਕਾਰਜ ਦੀ ਪ੍ਰਸ਼ੰਸਾ ਕੀਤੀ | ਸਿੰਘ ਸਾਹਿਬ ਦੇ ਦੌਰੇ ਸਮੇਂ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਮਹੰਤ ਗਿਆਨ ਦਾਸ ਜੱਜਲ, ਮਹੰਤ ਭੀਮ ਦਾਸ ਮਾਹੀਨੰਗਲ, ਬਾਬਾ ਮਨਸਾ ਦਾਸ ਦੁੱਨੇਵਾਲਾ, ਮਹੰਤ ਦੇਵਾ ਦਾਸ ਮਡਾਲਾ (ਕਾਲਿਆਂਵਾਲੀ), ਡੇਰਾ ਬਾਬਾ ਗੰਗਾ ਰਾਮ ਪਿੰਡ ਹੁਸਨਰ ਦੀ ਸੰਗਤ ਮੌਜੂਦ ਸੀ |
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਲੋਂ ਫ਼ਾਜ਼ਿਲਕਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ
ਅਜੀਤ ਡੈਸਕ
07-09-2025