ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ ਦੇ ਕਈ ਇਲਾਕਿਆਂ ਵਿਚ ਵਾਟਰ ਸਪਲਾਈ ਦੀਆਂ ਲੱਗੀਆਂ ਟੂਟੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆਉਣਾ ਸ਼ੁਰੂ ਹੋ ਗਿਆ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਕਿ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਨਿਗਮ ਨੇ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ ਪਰ ਲੋਕਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਣਦੀ ਜਾ ਰਹੀ ਹੈ | ਇਸ ਮੌਕੇ ਵਾਰਡ ਨੰਬਰ 26 ਦੇ ਕੌਂਸਲਰ ਸੰਦੀਪ ਸਿੰਘ ਬੋਬੀ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ 'ਚ ਪਿਛਲੇ 10 ਦਿਨਾਂ ਤੋਂ ਵਾਟਰ ਸਪਲਾਈ ਦੀਆਂ ਪਾਈਪਾਂ 'ਚ ਲਗਾਤਾਰ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆਉਣਾ ਸ਼ੁਰੂ ਹੋ ਗਿਆ ਹੈ | ਇਸ ਲਈ ਉਹ ਨਿਗਮ ਮੇਅਰ ਕੋਲ ਗੰਦੇ ਪਾਣੀ ਦੀ ਬੋਤਲ ਲੈ ਕੇ ਆਏ ਸਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਸੀਵਰੇਜ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਅਧਿਕਾਰੀਆਂ ਨੇ ਸਮੱਸਿਆ ਦਾ ਹੱਲ ਨਹੀ ਕੀਤਾ ਹੈ | ਜਿਸ ਕਾਰਨ ਹੁਣ ਪੁਜਾ ਵਾਲਾ ਮੁਹੱਲਾ ਦੇ ਲੋਕ ਚਿਕਨਗੁਨੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ | ਇਸੇ ਤਰ੍ਹਾਂ ਵਾਰਡ ਨੰਬਰ 25 ਦੇ ਕੌਂਸਲਰ ਨੇ ਦੱਸਿਆ ਕਿ ਪੁਰਾਣਾ ਥਾਣਾ, ਕਰਤਾਰ ਬਸਤੀ 'ਚ ਵਾਟਰ ਸਪਲਾਈ ਦੀਆਂ ਟੂਟੀਆਂ 'ਚ ਗੰਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ | ਜਿਸ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਚਰਨਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ 'ਚ ਸਾਬਕਾ ਵਿੱਤ ਮੰਤਰੀ ਨੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੁਹੱਲੇ 'ਚ 2 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਵਾਲੀ ਟੈਂਕੀ ਅਤੇ ਨਵੀਂਆਂ ਪਾਈਪਾਂ ਪਾਈਆਂ ਗਈਆਂ ਸਨ, ਪਰ ਅੱਜ ਉਨ੍ਹਾਂ ਟੂਟੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਆਉਣਾ ਸੀਵਰੇਜ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ਹੈ | ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸੰਬੰਧੀ ਉਨ੍ਹਾਂ ਵਲੋਂ ਨਿਗਮ ਦੇ ਮੇਅਰ ਨੂੰ ਜਾਣੂੰ ਕਰਵਾਇਆ ਗਿਆ ਹੈ | ਨਿਗਮ ਮੇਅਰ ਨੇ ਇਸ ਸਮੱਸਿਆ ਤੋਂ ਨਿਯਾਤ ਦਿਵਾਉਣ ਲਈ ਭਰੋਸਾ ਦਿੱਤਾ ਹੈ |