ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਵਿਖੇ 30 ਸਤੰਬਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ 'ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ' | ਇਸ ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਸਬਜ਼ੀਆਂ ਦੀ ਪਨੀਰੀ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ | ਇਸ ਮੇਲੇ 'ਤੇ ਖਾਸ ਤੌਰ 'ਤੇ ਕਣਕ ਦੀ ਨਵੀਂ ਕਿਸਮ ਪੀ. ਬੀ. ਡਬਲਯੂ.-872 ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇਗੀ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਮੇਲੇ ਦੀ ਪ੍ਰਧਾਨਗੀ ਡਾ: ਸਤਿਬੀਰ ਸਿੰਘ ਗੋਸਲ, ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ | ਇਸ ਤੋਂ ਇਲਾਵਾ ਮੇਲੇ ਵਿਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਵੀ ਲਗਾਈ ਜਾਵੇਗੀ | ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿਚ ਹਿੱਸਾ ਲੈਣ |