ਰਾਮਪੁਰਾ ਫੂਲ, 26 ਸਤੰਬਰ (ਸ਼ਰਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ ਬਲਾਕ ਰਾਮਪੁਰਾ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਰੋਮਾਣਾ ਬਲਾਕ ਆਗੂ ਜਗਦੀਸ਼ ਸਿੰਘ ਰਾਮਪੁਰਾ ਤੇ ਸੁਖਜਿੰਦਰ ਸਿੰਘ ਰਾਮਪੁਰਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਜ਼ਿਲੇ੍ਹ ਵਿਚ ਇੱਕ ਪਰਵਾਸੀ ਦਰਿੰਦੇ ਵਲੋਂ ਚਾਰ ਸਾਲ ਦੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚੇ ਦੇ ਦਰਿੰਦੇ ਕਾਤਲ ਨੂੰ ਸਖ਼ਤ ਤੇ ਮਿਸਾਲੀ ਸਜਾ ਦੇ ਕੇ ਬੱਚੇ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਤੇ ਫ਼ਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਆਗੂਆਂ ਨੇ ਸਮੁੱਚੇ ਇਨਸਾਫ਼ਪਸੰਦ ਲੋਕਾਂ ਕਿਸਾਨਾਂ, ਮਜ਼ਦੂਰਾਂ, ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਬੱਚੇ ਦੇ ਦਰਿੰਦੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇ, ਤਾਂ ਜੋ ਇਸ ਘਟੀਆ ਕਿਸਮ ਦੇ ਰਾਜ ਪ੍ਰਬੰਧ ਵਿਚ ਲੋਕ ਤਾਕਤ ਦੇ ਜ਼ੋਰ 'ਤੇ ਅਤਿਅੰਤ ਦੁਖਦਾਈ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ |