ਬਠਿੰਡਾ, 27 ਸਤੰਬਰ (ਸਿਵੀਆਂ)- ਪੰਜਾਬ 'ਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮਾਮਲਾ ਪਿਛਲੇ ਕਈ ਸਾਲਾਂ ਤੋਂ 'ਉੂਠ ਦੇ ਬੁੱਲ੍ਹ' ਵਾਂਗ ਲਟਕ ਰਿਹਾ ਹੈ, ਜਿਸ ਦੀ ਬਹਾਲੀ ਲਈ ਹੁਣ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਅਤੇ ਸੀ.ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਨੇ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ 1 ਅਕਤੂਬਰ ਨੂੰ ਪੰਜਾਬ ਭਰ 'ਚ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਇਸ ਦੌਰਾਨ ਸੂਬੇ ਭਰ ਦੇ ਅਧਿਆਪਕ ਅਤੇ ਕਰਮਚਾਰੀ ਜ਼ਿਲ੍ਹਾ ਮੁੱਖ ਦਫ਼ਤਰਾਂ ਉੱਪਰ ਭੁੱਖ ਹੜਤਾਲ 'ਤੇ ਬੈਠਣਗੇ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਇਸ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੂਬਾ ਕੋ-ਕਨਵੀਨਰ ਜਗਸੀਰ ਸਿੰਘ ਸਹੋਤਾ, ਇਕਬਾਲ ਸਿੰਘ ਤੁੰਗਵਾਲੀ, ਰਾਜਵੀਰ ਸਿੰਘ ਮਾਨ, ਸ਼ਪਿੰਦਰ ਸਿੰਘ ਬਰਾੜ, ਕੁਲਵਿੰਦਰ ਕਟਾਰੀਆ, ਕਰਮਜੀਤ ਸਿੰਘ ਜਲਾਲ ਤੇ ਦਵਿੰਦਰ ਬਠਿੰਡਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਪੁਰਾਣੀ ਪੈਨਸ਼ਨ ਸਕੀਲ ਬਹਾਲੀ ਕਰਨ ਲਈ ਲਗਾਤਾਰ ਟਾਲ-ਮਟੋਲ ਕਰ ਰਹੀਆਂ ਹਨ ਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਜਾਰੀ ਕੀਤਾ ਅਧੂਰਾ ਨੋਟੀਫ਼ਿਕੇਸ਼ਨ ਵੀ ਲਟਕਦਾ ਕੇ ਰੱਖਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਤੋਂ ਬਿਨ੍ਹਾਂ ਕਰਮਚਾਰੀਆਂ ਦੀ ਸਮਾਜਿਕ ਸੁਰੱਖਿਆ ਸੰਭਵ ਨਹੀਂ ਹੈ, ਜਿਸ ਦੀ ਬਹਾਲੀ ਲਈ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਹੁਣ ਉਨ੍ਹਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ 1 ਅਕਤੂਬਰ ਨੂੰ ਇਕ ਰੋਜਾ ਭੁੱਖ ਹੜਤਾਲ ਕੀਤੀ ਜਾਵੇਗੀ | ਉਨ੍ਹਾਂ ਸਮੂਹ ਕਰਮਚਾਰੀਆਂ ਨੂੰ 1 ਅਕਤੂਬਰ ਨੂੰ ਸਮੇਂ ਸਿਰ ਆਪੋ-ਆਪਣੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਕੀਤੀ ਜਾਣ ਵਾਲੀ ਭੁੱਖ ਹੜਤਾਲ 'ਚ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 25 ਨਵੰਬਰ ਨੂੰ ਦਿੱਲੀ 'ਚ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ | ਇਸ ਮੌਕੇ ਅੰਮਿ੍ਤਪਾਲ ਸਿੰਘ ਮਾਨ, ਵਿਨੋਦ ਸਿੰਘ ਭਗਤਾ, ਜਗਸੀਰ ਸਿੰਘ ਭਗਤਾ, ਬਲਕਰਨ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ |