ਨਥਾਣਾ, 27 ਸਤੰਬਰ (ਗੁਰਦਰਸ਼ਨ ਲੁੱਧੜ)-ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਕਥਾਵਾਚਕ ਭਾਈ ਹਰਜੀਤ ਸਿੰਘ ਬੱਜੋਆਣਾ ਵਲੋਂ ਬਾਬਾ ਜੀਵਨ ਸਿੰਘ ਦੇ ਜੀਵਨ ਬਾਰੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ | ਬੁਲਾਰਿਆਂ ਨੇ ਸਰੋਤਿਆਂ ਨੂੰ ਪ੍ਰੇਰਿਤ ਕੀਤਾ ਕਿ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਰੂ-ਬਰੂ ਕਰਵਾਉਣ ਲਈ ਵੱਧ ਤੋਂ ਵੱਧ ਧਾਰਮਿਕ ਪ੍ਰੋਗਰਾਮ ਕਰਵਾਏ ਜਾਣ | ਸਮਾਗਮ ਵਿਚ ਸ਼ਾਮਿਲ ਹੋਏ ਛੋਟੇ ਬੱਚਿਆਂ ਨੇ ਬਾਬਾ ਜੀਵਨ ਸਿੰਘ ਵਲੋਂ ਨੌਂਵੇ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨ ਕੀਤਾ ਸੀਸ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਉਣ ਦੇ ਸਫ਼ਰ ਬਾਰੇ ਪੂਰੀ ਰੁਚੀ ਨਾਲ ਸੁਣਿਆ ਗਿਆ | ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਭਲਾਈ ਟਰੱਸਟ ਦੇ ਸੀਨੀਅਰ ਆਗੂ ਜਸਵੰਤ ਸਿੰਘ ਗੰਗਾ ਨੇ ਧਾਰਮਿਕ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |