ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉੱਪ ਮੰਡਲ ਦੇ ਪਿੰਡ ਮਲਕਾਣਾ ਦੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਕੰਮ ਅੱਜ ਪੰਜ ਸਿੰਘਾਂ ਵਲੋਂ ਜਿਨ੍ਹਾਂ 'ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਸ਼ਾਮਿਲ ਸਨ, ਨੇ ਟੱਕ ਲਗਾ ਕੇ ਰਸਮੀ ਤੌਰ 'ਤੇ ਆਰੰਭ ਕਰਵਾਇਆ | ਅੱਜ ਗੁਰਦੁਆਰਾ ਸਾਹਿਬ ਦੇ ਨਿਰਮਾਣ ਸਬੰਧੀ ਟੱਕ ਲਗਾਉਣ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਕਾਫੀ ਅਰਸੇ ਤੋਂ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦੀ ਮੰਗ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਅਤੇ ਅਹੁਦੇਦਾਰਾਂ ਦੇ ਯਤਨਾਂ ਸਦਕਾ ਇਸ ਕੰਮ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਪ੍ਰਵਾਨਗੀ ਤੋਂ ਬਾਅਦ ਅੱਜ ਰਸਮੀ ਤੌਰ 'ਤੇ ਨਿਰਮਾਣ ਕਾਰਜ ਆਰੰਭ ਦਿੱਤੇ ਗਏ ਹਨ | ਸਿੰਘ ਸਾਹਿਬ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦੇ ਨਿਰਮਾਣ ਦੀ ਸੇਵਾ ਕਾਰ ਸੇਵਾ ਵਾਲੇ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵਲੋਂ ਵਰੋਸਾਏ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੇ ਨਿਰਦੇਸ਼ਾਂ ਮੁਤਾਬਿਕ ਬਾਬਾ ਚਰਨਜੀਤ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਕਰਵਾਈ ਜਾਣੀ ਹੈ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਸੇਵਾ 'ਚ ਵਧ-ਚੜ੍ਹ ਕੇ ਹਾਜ਼ਰੀ ਲਵਾਉਣ ਦੀ ਅਪੀਲ ਕੀਤੀ | ਇਸ ਮੌਕੇ ਪਿੰਡ ਦੇ ਸਰਪੰਚ ਰਾਮਪਾਲ ਸਿੰਘ ਸਿੱਧੂ ਤੇ ਸਾਬਕਾ ਸਰਪੰਚ ਗੁਲਜ਼ਾਰ ਸਿੰਘ ਪੱਪੂ ਸਮੇਤ ਨਗਰ ਨਿਵਾਸੀਆਂ ਨੇ ਨਵੇਂ ਦਰਬਾਰ ਸਾਹਿਬ ਦੇ ਨਿਰਮਾਣ ਦੇ ਕਾਰਜ ਦੀ ਆਰੰਭਤਾ 'ਤੇ ਖ਼ੁਸ਼ੀ ਪ੍ਰਗਟਾਈ ਜਦੋਂਕਿ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਬਾਬਾ ਚਰਨਜੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਗੁਰਦੇਵ ਸਿੰਘ ਸੰਧੂ ਵਧੀਕ ਮੈਨੇਜਰ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ ਤੋਂ ਇਲਾਵਾ ਹਰਚਰਨ ਸਿੰਘ, ਕੁਲਦੀਪ ਸਿੰਘ ਤੇ ਬਲਵਿੰਦਰ ਸਿੰਘ ਤਿੰਨੇ ਸਾਬਕਾ ਸਰਪੰਚ, ਭੁਪਿੰਦਰ ਸਿੰਘ ਖ਼ਾਲਸਾ ਪ੍ਰਧਾਨ ਗੁ: ਪ੍ਰਬੰਧਕ ਕਮੇਟੀ, ਜਗਸੀਰ ਸਿੰਘ, ਕੁਲਦੀਪ ਸਿੰਘ, ਸੁਖਪ੍ਰੀਤ ਸਿੰਘ, ਭਲਵਿੰਦਰ ਸਿੰਘ, ਸੰਦੀਪ ਸਿੰਘ, ਕੁਲਦੀਪ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ ਤੇ ਹਰਪਾਲ ਕੌਰ ਸਾਰੇ ਪੰਚ,ਬਸਾਵਾ ਸਿੰਘ ਖ਼ਾਲਸਾ, ਹਰਨਰਾਇਣ ਸਿੰਘ, ਤਰਸੇਮ ਸਿੰਘ ਨੰਬਰਦਾਰ, ਗੁਰਜੀਤ ਸਿੰਘ, ਹਰਪਾਲ ਸਿੰਘ ਬੱਬੂ, ਜਗਸੀਰ ਸਿੰਘ ਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |