ਬੁਢਲਾਡਾ, ਸਤੰਬਰ (ਸਵਰਨ ਸਿੰਘ ਰਾਹੀ) -ਪਿਛਲੇ ਦਿਨਾਂ ਦੌਰਾਨ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫ਼ਾਰਮਾਂ 'ਤੇ ਸਿੱਖ ਵਿਰੋਧੀ ਅਨਸਰਾਂ ਵੱਲੋਂ ਏ.ਆਈ. (ਆਰਟੀਫਿਸ਼ੀਅਲ ਇੰਟੈਲੀਜੈਂਸ) ਤਕਨੀਕ ਦੀ ਵਰਤੋਂ ਕਰਕੇ ਗੁਰੂ ਸਾਹਿਬਾਨ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਂਦੀਆਂ ਬੇਅਦਬੀ ਵਾਲੀਆਂ ਵੀਡੀਉਜ਼ ਅਤੇ ਫ਼ੋਟੋ ਅੱਪਲੋਡ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਇਹ ਵਿਚਾਰ ਅੱਜ ਇੱਥੇ ਜਾਰੀ ਸਾਂਝੇ ਬਿਆਨ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਵੀਡੀਉਜ਼ ਸਿਰਫ਼ ਧਾਰਮਿਕ ਮਰਯਾਦਾ ਨੂੰ ਚੁਣੌਤੀ ਹੀ ਨਹੀਂ ਦਿੰਦੀਆਂ ਬਲਕਿ ਸਮਾਜਕ ਅਸਹਿਣਸ਼ੀਲਤਾ ਨੂੰ ਵੀ ਵਧਾਉਂਦੀਆਂ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਗ਼ਲਤ ਅਨਸਰਾਂ ਵਿਰੁੱਧ ਤੁਰੰਤ ਐਕਸ਼ਨ ਲਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਉਕਤ ਆਗੂਆਂ ਨੇ ਧਾਰਮਿਕ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਸੋਸ਼ਲ ਸਾਈਟਾਂ ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਆਰਟੀਫਿਸੀਅਲ ਇੰਟੈਲੀਜੈਂਸ ਵਰਗੀਆਂ ਅਤਿ ਆਧੁਨਿਕ ਤਕਨੀਕਾਂ ਨੂੰ ਨਿਯੰਤਿ੍ਤ ਕਰਕੇ ਧਾਰਮਿਕ ਤੇ ਸਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਕਾਨੂੰਨੀ ਢਾਂਚਾ ਮਜ਼ਬੂਤ ਕੀਤਾ ਜਾਵੇ |