ਤਲਵੰਡੀ ਸਾਬੋ, 3 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸੇ ਦੀ ਮਾਤਾ ਦੇ ਖ਼ਿਤਾਬ ਨਾਲ ਨਿਵਾਜੇ ਗਏ ਮਾਤਾ ਸਾਹਿਬ ਕੌਰ ਜੀ ਅਤੇ ਸ਼੍ਰੋਮਣੀ ਭਗਤ, ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਮਾਤਾ ਸੁੰਦਰ ਕੌਰ ਜੀ ਵਿਖੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਮੌਕੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ, ਅਰਦਾਸ ਉਪਰੰਤ ਉਨ੍ਹਾਂ ਨੇ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਜੀ ਅਤੇ ਭਗਤ ਨਾਮਦੇਵ ਜੀ ਦੇ ਜੀਵਨ ਕਾਲ ਤੋਂ ਜਾਣੂੰ ਕਰਵਾਇਆ | ਉਨ੍ਹਾਂ ਨੇ ਸੰਗਤਾਂ ਨੂੰ ਜਿੱਥੇ ਇਸ ਮੌਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ ਦੀ ਅਪੀਲ ਕੀਤੀ ਉੱਥੇ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਵੀ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਸੇਵਕ ਜਥੇ ਵਲੋਂ ਸੰਗਤਾਂ ਲਈ ਫਲਾਂ ਦੇ ਲੰਗਰ ਲਗਾਏ ਗਏ | ਸਮਾਗਮ 'ਚ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਭਾਈ ਰਵਿੰਦਰ ਸਿੰਘ ਖ਼ਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਗਿਆਨੀ ਆਲਮ ਸਿੰਘ ਕਥਾਵਾਚਕ, ਅਕਾਲੀ ਆਗੂ ਠਾਣਾ ਸਿੰਘ ਚੱਠਾ ਤੋਂ ਇਲਾਵਾ ਨਗਰ ਦੀ ਪ੍ਰਸਿੱਧ ਧਾਰਮਿਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਮੌਜੂਦ ਸਨ |