ਬਠਿੰਡਾ, 19 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਨਿਵੇਕਲੀ ਕਿਸਮ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 1 ਜਨਵਰੀ 2026 ਤੋਂ ਕੀਤੀ ਜਾ ਰਹੀ ਹੈ | ਇਹ ਕਾਰਡ ਕਾਰਡ ਬਣਾਉਣ ਲਈ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ ਅਤੇ ਕਾਰਡ ਤੇ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਹੋਵੇਗਾ | ਡਿਪਟੀ ਕਮਿਸ਼ਨਰ ਰਾਜ਼ੇਸ ਧੀਮਾਨ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਾ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਹੇਠਲੇ ਪੱਧਰ ਤੱਕ ਆਮ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਹਾ ਪ੍ਰਾਪਤ ਹੋ ਸਕੇ | ਉਨ੍ਹਾਂ ਦੱਸਿਆ ਕਿ ਬੀਮਾ ਕਾਰਡ ਬਣਾਉਣ ਲਈ ਨਾ ਤਾਂ ਕੋਈ ਉਮਰ ਦੀ ਹੱਦ ਹੈ ਅਤੇ ਨਾ ਹੀ ਕੋਈ ਆਮਦਨ ਦੀ ਹੱਦ ਹੈ | ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ਵਿਖੇ ਬਣਾਏ ਜਾ ਸਕਦੇ ਹਨ | ਕਾਰਡ ਬਣਾਉਣ ਸਮੇਂ ਵਿਅਕਤੀ ਕੋਲ ਆਧਾਰ ਕਾਰਡ, ਵੋਟ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਸਬੰਧਤ ਵਿਅਕਤੀ ਦਾ ਆਧਾਰ ਕਾਰਡ ਮੋਬਾਇਲ ਨੰਬਰ ਨਾਲ ਲਿੰਕ ਹੋਵੇ |