ਬਠਿੰਡਾ, 20 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਮੈਗਾ ਮਾਪੇ-ਅਧਿਆਪਕ ਮਿਲਣੀ' ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ | ਇਸ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਪੈਦਾ ਕਰਨਾ ਅਤੇ ਬੱਚਿਆਂ ਦੇ ਵਿਦਿਅਕ ਮਿਆਰ ਨੂੰ ਉਚਾ ਚੁੱਕਣਾ ਰਿਹਾ | ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਵਲੋਂ ਵਿਭਾਗੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਮਾਪਿਆਂ ਦੇ ਬੈਠਣ ਅਤੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਇਸ ਮੌਕੇ ਸਿਰਫ਼ ਮਾਪੇ ਹੀ ਨਹੀਂ, ਸਗੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਕੂਲੀ ਸਿੱਖਿਆ ਪ੍ਰਤੀ ਆਪਣੀ ਗੰਭੀਰਤਾ ਦਿਖਾਈ | ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਵੀ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਨ੍ਹਾਂ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿੱਦਿਅਕ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ | ਇਸ ਮਿਲਣੀ ਦੀ ਖ਼ਾਸੀਅਤ ਇਹ ਰਹੀ ਕਿ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਵੀ ਆਨਲਾਈਨ ਮਾਧਿਅਮ ਰਾਹੀਂ ਸ਼ਿਰਕਤ ਕੀਤੀ | ਉਨ੍ਹਾਂ ਨੇ ਮਾਪਿਆਂ ਤੋਂ ਸਕੂਲਾਂ ਦੀ ਕਾਰਗੁਜ਼ਾਰੀ, ਮਿਡ-ਡੇ-ਮੀਲ ਦੀ ਗੁਣਵੱਤਾ ਅਤੇ ਅਧਿਆਪਕਾਂ ਦੇ ਰਵੱਈਏ ਬਾਰੇ ਫ਼ੀਡਬੈਕ ਲਈ | ਇਸ ਮੌਕੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਮੰਡੀ ਕੁੜੀਆਂ, ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਥਾਣਾ (ਲੜਕੇ) ਸਕੂਲ ਵਿਜ਼ਿਟ ਕੀਤੇ | ਇਸ ਮੌਕੇ ਉਨ੍ਹਾਂ ਨੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਗਾ ਮਾਪੇ ਮਿਲਣੀ ਮਹਿਜ਼ ਇੱਕ ਮੀਟਿੰਗ ਨਹੀਂ, ਸਗੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ | ਇਸ ਮੌਕੇ ਵੱਖ-ਵੱਖ ਖੇਤਰਾਂ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪਤਵੰਤੇ ਸੱਜਣਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ | ਮਾਪਿਆਂ ਨੇ ਸਕੂਲਾਂ ਦੇ ਬਦਲਦੇ ਰੂਪ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਸਰਕਾਰੀ ਸਕੂਲਾਂ ਵਿਚ ਵਿਸ਼ਵਾਸ ਪ੍ਰਗਟਾਇਆ |