ਬਠਿੰਡਾ, 22 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਅਤੇ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਚਾਰ ਕਿਰਤਾਂ ਕੋਡਾਂ ਨੂੰ ਲਾਗੂ ਕਰਨ ਦੇ ਖਿਲਾਫ ਖੱਬੇ ਪੱਖੀ ਧਿਰਾਂ ਵੀ ਸੜਕਾਂ 'ਤੇ ਉਤਰ ਆਈਆਂ ਹਨ, ਜਿਸ ਤਹਿਤ ਸੀ.ਪੀ.ਆਈ., ਸੀ.ਪੀ.ਆਈ.(ਐਮ) ਅਤੇ ਸੀ.ਪੀ.ਆਈ. (ਐਮ.ਐਲ) ਦੇ ਕਾਰਕੁੰਨਾਂ ਵਲੋਂ ਬਠਿੰਡਾ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਅਤੇ ਸੀ.ਪੀ.ਆਈ.(ਐਮ) ਦੇ ਤਹਿਸੀਲ ਸਕੱਤਰ ਬਲਕਾਰ ਸਿੰਘ ਮੰਡੀ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ 2005 ਨੂੰ ਖ਼ਤਮ ਕਰਕੇ ਮਜ਼ਦੂਰਾਂ ਦਾ ਕੰਮ ਮੰਗਣ ਦਾ ਮੁੱਢਲਾ ਅਧਿਕਾਰ ਖ਼ਤਮ ਕਰ ਦਿੱਤਾ ਹੈ ਅਤੇ ਇਸ ਵਿਚ ਕੇਂਦਰ ਸਰਕਾਰ ਦਾ ਹਿੱਸਾ 90 ਤੋਂ ਘਟਾ ਕੇ 60 ਫੀਸਦੀ ਅਤੇ ਰਾਜ ਸਰਕਾਰਾਂ ਦਾ ਬਜਟ ਹਿੱਸਾ 40 ਫੀਸਦੀ ਕਰ ਦਿੱਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਦਾ ਸਖਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਬਿਜਲੀ ਅਤੇ ਖੇਤੀ ਲਈ ਸਰਕਾਰੀ ਢਾਂਚੇ ਦਾ ਵਿਕਾਸ ਕੀਤਾ ਜਾਵੇ ਅਤੇ ਸਰਕਾਰ ਇੰਨ੍ਹਾਂ ਖੇਤਰਾਂ ਵਿਚ ਨਿੱਜੀ ਦਾਖਲਾ ਬਿਲਕੁਲ ਬੰਦ ਕਰੇ | ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ ਅਤੇ ਮੁਲਾਜ਼ਮ ਆਗੂ ਪੂਰਨ ਸਿੰਘ ਗੁੰਮਟੀ ਨੇ ਕਿਹਾ ਕਿ ਸਰਕਾਰ ਨੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕ ਵਿਚ ਬਣੇ ਹੋਏ ਸਾਰੇ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਮੁੱਢਲੇ ਅਧਿਕਾਰਾਂ 'ਤੇ ਡਾਕਾ ਮਾਰਿਆ ਹੈ, ਜਿਸ ਤਹਿਤ ਮਜ਼ਦੂਰਾਂ ਨੂੰ ਬੰਧੂਆਂ ਮਜ਼ਦੂਰ ਬਣਾਇਆ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਦਾ ਪੁਰਾਣਾ ਕਾਨੂੰਨ ਬਹਾਲ ਕਰਦਿਆਂ ਮਜ਼ਦੂਰਾਂ ਨੂੰ 200 ਦਿਨ ਦਾ ਕੰਮ ਤੇ ਦਿਹਾੜੀ 700 ਰੁਪਏ ਦਿੱਤੀ ਜਾਵੇ, ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਚਾਰ ਨਵੇਂ ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਖੱਬੇ ਪੱਖੀਂ ਧਿਰਾਂ ਦੇਸ਼ ਵਿਆਪੀ ਅੰਦੋਲਨ ਵਿੱਢਣ ਲਈ ਜ਼ਮਬੂਰ ਹੋਣਗੀਆਂ | ਇਸ ਮੌਕੇ ਨਾਇਬ ਸਿੰਘ ਫੁੱਲੋ ਮਿੱਠੀ, ਵਿਨੋਦ ਸਿੰਘ ਬਠਿੰਡਾ, ਅਮਰਜੀਤ ਸਿੰਘ ਭੋਖੜਾ, ਰਾਜਾ ਸਿੰਘ ਦਾਨ ਸਿੰਘ ਵਾਲਾ, ਰਜਿੰਦਰ ਸਿੰਘ ਬਲਾਹੜ੍ਹ ਮਹਿਮਾ ਅਤੇ ਬਨਵਾਰੀ ਲਾਲ ਬਠਿੰਡਾ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ |
ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦੇ ਖਿਲਾਫ਼ ਸੜਕ 'ਤੇ ਉੱਤਰੇ ਖੱਬੇ ਪੱਖੀ ਧਿਰਾਂ ਦੇ ਕਾਰਕੁੰਨ <br/>
ਅਜੀਤ ਡੈਸਕ
23-12-2025