ਬਠਿੰਡਾ, 22 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਨ੍ਹਾਂ ਦੀ ਟੀਮ ਵਲੋਂ ਟਰੇਨਿੰਗ ਦਿੱਤੀ ਗਈ | ਟਰੇਨਿੰਗ ਵਿਚ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟਸ, ਐਸ.ਪੀ/ਡੀ.ਐਸ.ਪੀ (ਟਰੈਫਿਕ) ਅਤੇ ਡੀ.ਏ/ਏ.ਡੀ.ਏ (ਪ੍ਰਾਸੀਕਿਉਸਨ) ਅਤੇ ਸਿਵਲ ਸਰਜਨ ਸਮੇਤ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਜੁਆਇੰਟ ਡਾਇਰੈਕਟਰ (ਟਰੈਫਿਕ) ਨੇ ਦੱਸਿਆ ਕਿ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਅਧੀਨ 01.04.2022 ਤੋਂ ਬਾਅਦ ਹੋਣ ਵਾਲੇ ਸੜਕੀ ਹਾਦਸਿਆਂ ਵਿੱਚ ਮਿ੍ਤਕ ਦੇ ਪਰਿਵਾਰ ਨੂੰ 2,00,000/- ਅਤੇ ਜਖਮੀ ਵਿਅਕਤੀ ਨੂੰ 50,000/- ਦਾ ਮੁਆਵਜ਼ਾ ਦਿੱਤਾ ਜਾਂਦਾ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |