ਸੰਗਤ ਮੰਡੀ, 28 ਦਸੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਪਿੰਡ ਬਾਜਕ ਅਤੇ ਜੈ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਚਾਇਤਾਂ ਨੂੰ ਮੰਗ-ਪੱਤਰ ਸੌਂਪੇ ਗਏ | ਭਾਰਤੀ ਕਮਿਊਨਿਸਟ ਪਾਰਟੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਇਕੱਤਰ ਵਰਕਰਾਂ ਵਲੋਂ ਪਿੰਡ ਬਾਜਕ ਅਤੇ ਜੈ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਚਾਇਤਾਂ ਨੂੰ ਮੰਗ-ਪੱਤਰ ਸੌਂਪੇ ਗਏ | ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦਾ ਕੰਮ ਮੰਗਣ ਦਾ ਅਧਿਕਾਰ ਖੋਹ ਕੇ ਗਰੀਬ ਮਜ਼ਦੂਰਾਂ ਨਾਲ ਵੱਡਾ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਸ ਨੇ ਲਗਾਤਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜੀ ਰਾਮ ਜੀ ਦੇ ਨਾਂ 'ਤੇ ਬਣਾਏ ਕਾਨੂੰਨ 'ਚ ਭਾਵੇਂ ਮਜ਼ਦੂਰਾਂ ਨੂੰ 125 ਦਿਨ ਰੁਜ਼ਗਾਰ ਦੇਣ ਦਾ ਲਾਰਾ ਲਾਇਆ ਹੈ, ਪ੍ਰੰਤੂ ਮਨਰੇਗਾ ਬਜਟ ਵਿਚ ਕੇਂਦਰ ਸਰਕਾਰ ਦਾ ਹਿੱਸਾ ਘਟਾ ਕੇ ਇਸ ਨੂੰ ਰਾਜਾਂ ਸਿਰ ਮੜ੍ਹਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀਆਂ ਸੂਬਾ ਸਰਕਾਰਾਂ ਲੋਕਾਂ ਨੂੰ ਰੁਜ਼ਗਾਰ ਨਹੀਂ ਦੇ ਸਕਣਗੀਆਂ | ਉਨ੍ਹਾਂ ਦੱਸਿਆ ਕਿ ਪਿੰਡ ਪੰਚਾਇਤਾਂ ਨੂੰ ਦਿੱਤੇ ਮੰਗ-ਪੱਤਰਾਂ ਵਿਚ ਮੰਗ ਕੀਤੀ ਗਈ ਕਿ ਪੰਚਾਇਤਾਂ ਗ੍ਰਾਮ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਨਵੇਂ ਬਣੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਅਤੇ ਕੇਂਦਰ ਸਰਕਾਰ ਨੂੰ ਭੇਜਣ ਤਾਂ ਕਿ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਇਆ ਜਾ ਸਕੇ | ਇਸ ਮੌਕੇ ਬਲਾਕ ਤਲਵੰਡੀ ਸਾਬੋ ਦੇ ਮੀਤ ਸਕੱਤਰ ਮੱਖਣ ਸਿੰਘ ਗੁਰੂਸਰ, ਉਮਰਦੀਨ ਜੱਸੀ ਬਾਗ਼ਵਾਲੀ, ਦਰਸ਼ਨ ਸਿੰਘ ਬਾਜਕ ਅਤੇ ਚੰਦ ਸਿੰਘ ਜੱਸੀ ਬਾਗ਼ਵਾਲੀ ਆਦਿ ਮੌਜੂਦ ਸਨ |