ਖੋਸਾ ਦਲ ਸਿੰਘ, 24 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਦੌਰਾਨ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਭੱਜ ਮੁੱਕਰਦੀ ਨਜ਼ਰ ਆ ਰਹੀ ਹੈ, ਜਿਸ ਕਰਕੇ ਲੋਕਾਂ 'ਚ ਆਪ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਹ ਪ੍ਰਗਟਾਵਾ ਮਨੁੱਖੀ ਅਧਿਕਾਰ ਦੇ ਸੈਕਟਰੀ ਗੁਰਜੰਟ ਸਿੰਘ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਸਰਕਾਰ ਬਣਨ 'ਤੇ ਰਸੋਈ ਘਰ ਦਾ ਸਾਮਾਨ ਲੈਣ ਲਈ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਹੁਣ ਤੱਕ ਔਰਤਾਂ ਦੇ ਬੈਂਕ ਖਾਤਿਆਂ 'ਚ ਨਹੀਂ ਆਏ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਘਰਾਂ ਦੀਆਂ ਛੱਤਾਂ, ਬੱਤੇ, ਗਾਡਰ ਦੀ ਮਾਲੀ ਸਹਾਇਤਾ ਦੇਣ ਦਾ ਵਾਅਦਾ ਵੀ ਵਫ਼ਾ ਨਹੀਂ ਹੋਇਆ | ਮਨੁੱਖੀ ਅਧਿਕਾਰ ਦੇ ਆਗੂ ਨੇ ਕਿਹਾ ਕਿ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਵੀ ਕਿਸੇ ਪਾਸੋਂ ਕੋਈ ਸਹੂਲਤ ਮਿਲਦੀ ਨਜ਼ਰ ਨਹੀਂ ਆ ਰਹੀ, ਜਿਸ ਕਰਕੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਪ੍ਰਤੀ ਲੋਕਾਂ ਦਾ ਗ਼ੁੱਸਾ ਸੱਤਵੇਂ ਅਸਮਾਨ 'ਤੇ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਵੇਲੇ ਕੀਤੇ ਆਪਣੇ ਸਾਰੇ ਵਾਅਦੇ ਜਲਦ ਪੂਰੇ ਕੀਤੇ ਜਾਣ ਨਹੀਂ ਤਾਂ ਵਿਧਾਨ ਸਭਾ 2027 ਚੋਣਾਂ 'ਚ ਆਮ ਆਦਮੀ ਪਾਰਟੀ ਦਾ ਡੱਟਵਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਸ਼ੂਸ਼ਕ, ਹਰਦਿਆਲ ਸਿੰਘ, ਇੰਦਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ |