ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ, ਜਿਸ ਵਿਚ ਡਾ. ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ, ਵਲੋਂ 'ਤੰਬਾਕੂ ਰਹਿਤ ਦਿਵਸ' ਨੂੰ ਸਮਰਪਿਤ ਮੁਹਿੰਮ ਤਹਿਤ ਪੁਰਾਣੀ ਸਰਹਿੰਦ ਵਿਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਦੁਕਾਨਦਾਰਾਂ ਦੇ ਚਲਾਨ ਕੱਟੇ ਗਏ | ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋਂ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ ਅਤੇ ਇਹ ਸਰੀਰ ਦੇ ਕਿਸੇ ਵੀ ਹਿੱਸੇ ਦਾ ਕੈਂਸਰ ਬਣਨ ਦਾ ਕਾਰਨ ਬਣ ਸਕਦਾ ਹੈ ਤੇ ਇਸ ਦੀ ਵਰਤੋਂ ਐਕਟਿਵ ਤੇ ਪੈਸਿਵ ਸਮੋਕਰ ਦੋਵਾਂ ਲਈ ਹੀ ਖ਼ਤਰਨਾਕ ਹੁੰਦੀ ਹੈ, ਇਸ ਕਰਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ | ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ 'ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ | ਡਾ. ਰਮਨ ਜਿੰਦਲ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਦੁਕਾਨਦਾਰਾਂ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਕੋਟਪਾ ਐਕਟ ਅਧੀਨ ਚਲਾਨ ਕੱਟਣ ਦੇ ਨਾਲ-ਨਾਲ ਉਨ੍ਹਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਜਾਗਰੂਕ ਵੀ ਕੀਤਾ ਜਾਂਦਾ ਹੈ |