ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)- ਲਗਾਤਾਰ ਭਾਰੀ ਮੀਂਹ ਪੈਣ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਖੇ ਗੈਬ ਦੀ ਪੁਲੀ 'ਤੇ ਜਾ ਕੇ ਪਾਣੀ ਦੀ ਹੜ੍ਹ ਦੇ ਪਾਣੀ ਨਿਕਾਸੀ ਸੰਬੰਧੀ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਡਰੇਨਜ ਵਿਭਾਗ ਤੋਂ ਐਸ. ਡੀ. ਓ ਜਸਕਰਨ ਸਿੰਘ ਸੇਖੋਂ, ਬੀ. ਡੀ. ਪੀ. ਓ ਸਤਵਿੰਦਰ ਸਿੰਘ ਕੰਗ, ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੀ ਗੈਬ ਪੁਲੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨੂੰ ਉਨ੍ਹਾਂ ਨੂੰ ਆਦੇਸ਼ ਦਿੱਤਾ ਕਿ ਉਹ ਇੱਕ ਵਾਰੀ ਹੋਰ ਗੈਬ ਦੀ ਪੁਲੀ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾਉਣ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਨੇ ਮੀਟਿੰਗ ਦੌਰਾਨ ਟੈਲੀਫ਼ੋਨ 'ਤੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨ. ਐਚ. ਏ. ਆਈ) ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਖੰਨਾ ਵਿਖੇ ਹਾਈਵੇਅ ਨਾਲ ਲੱਗ ਬਣੇ ਡਰੇਨਾਂ ਨੂੰ ਤੁਰੰਤ ਸਾਫ਼ ਕਰਵਾਉਣ ਅਤੇ ਟੁੱਟੀਆਂ ਹੋਈਆਂ ਸੜਕਾਂ ਦੀ ਮੁਰੰਮਤ ਕਰਵਾਉਣ ਨੂੰ ਯਕੀਨੀ ਬਣਾਉਣ | ਕੈਬਨਿਟ ਮੰਤਰੀ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲੇ ਤੱਕ ਖੰਨਾ ਵਿਚ ਕੋਈ ਵੀ ਫ਼ਿਕਰ ਵਾਲੀ ਗੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਗੈਬ ਦੀ ਪੁਲੀ ਦੀ ਸਫ਼ਾਈ ਬਰਸਾਤਾਂ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਕਰਵਾ ਦਿੱਤੀ ਗਈ ਸੀ | ਅੱਜ ਫੇਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇੱਕ ਵਾਰੀ ਫਿਰ ਗੈਬ ਪੁਲੀ ਦੀ ਸਫ਼ਾਈ ਕਰਵਾਉਣ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਵੱਲੋਂ ਲੋਕਾਂ ਤੋਂ ਕਰੋੜਾਂ ਰੁਪਏ ਦਾ ਟੋਲ ਟੈਕਸ ਇਕੱਠਾ ਕਰਨ ਦੇ ਬਾਵਜੂਦ ਵੀ ਟੁੱਟੀਆਂ ਸੜਕਾਂ ਦੀ ਮੁਰੰਮਤ ਨਹੀਂ ਕਰਵਾਈ ਜਾਂਦੀ | ਉਨ੍ਹਾਂ ਕਿਹਾ ਸਾਡੇ ਵਲੋਂ ਐਨ. ਐਚ. ਏ.ਆਈ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਕਰਨ ਸਬੰਧੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਸੂਬਾ ਹਰਿਆਣਾ ਪਾਣੀ ਦਾ ਹਿੱਸਾ ਮੰਗਦਾ ਸੀ ਪਰ ਜਦੋਂ ਡੁੱਬਣ ਦੀ ਵਾਰੀ ਆਈ ਫਿਰ ਨਾ ਹੀ ਰਾਜਸਥਾਨ ਨੂੰ ਪਾਣੀ ਚਾਹੀਦਾ ਹੈ ਅਤੇ ਨਾ ਹੀ ਹਰਿਆਣਾ ਨੂੰ | ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਖੰਨਾ ਦਾ ਸਾਰਾ ਪ੍ਰਸ਼ਾਸਨ ਹਰ ਸਮੇਂ ਲੋਕਾਂ ਦੀ ਮਦਦ ਲਈ ਹਾਜ਼ਰ ਅਤੇ ਤਤਪਰ ਹੈ | ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਕੌਂਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਸੁਖਮਨਜੀਤ ਸਿੰਘ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਕੌਂਸਲਰ ਜਤਿੰਦਰ ਪਾਠਕ, ਕੌਂਸਲਰ ਸੁਨੀਲ ਕੁਮਾਰ ਨੀਟਾ, ਕੌਂਸਲਰ ਸੁਰਿੰਦਰ ਬਾਵਾ, ਓ. ਐਸ. ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ, ਆੜ੍ਹਤੀਆਂ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਹਰਜੀਤ ਸਿੰਘ ਭਾਟੀਆ, ਮਲਕੀਤ ਸਿੰਘ ਮੀਤਾ, ਗੁਰਦੀਪ ਸਿੰਘ ਦੀਪੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |