ਗੁਰੂਸਰ ਸੁਧਾਰ, 21 ਸਤੰਬਰ (ਜਗਪਾਲ ਸਿੰਘ ਸਿਵੀਆਂ)- ਸੁਧਾਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਗਿ੍ਫਤਾਰ ਵਿਅਕਤੀ ਦੀ ਪਛਾਣ ਫੂਲ ਕੁਮਾਰ ਪੁੱਤਰ ਰਾਮ ਰੂਪ ਵਾਸੀ ਮੋਹੀ ਵਜੋਂ ਹੋਈ ਹੈ, ਜੋ ਪਿੰਡ ਮੋਹੀ ਵਿੱਚ ਪੰਜਾਬ ਨੈਸ਼ਨਲ ਬੈਂਕ ਨੇੜੇ ਸਬਜ਼ੀਆਂ ਅਤੇ ਫਲ ਵੇਚਣ ਦੀ ਰੇਹੜ੍ਹੀ ਲਗਾਉਂਦਾ ਹੈ | ਥਾਣਾ ਸੁਧਾਰ ਦੇ ਐਸ.ਐਚ.ਓ ਗੁਰਦੀਪ ਸਿੰਘ ਨੇ ਦੱਸਿਆ ਕਿ ਰੁਟੀਨ ਚੈਕਿੰਗ ਦੌਰਾਨ ਫੂਲ ਕੁਮਾਰ ਨੂੰ ਕਾਬੂ ਕੀਤਾ ਗਿਆ | ਉਸ ਦੀ ਤਲਾਸ਼ੀ ਦੌਰਾਨ 300 ਗ੍ਰਾਮ ਗਾਂਜਾ ਅਤੇ 24 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀਆਂ ਗਈਆਂ | ਮੁਲਜ਼ਮ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਅਤੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਐਸ.ਐਚ.ਓ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਅਜਿਹੇ ਅਪਰਾਧੀਆਂ ਨੂੰ ਸਖਤ ਸਜ਼ਾ ਦਿਵਾਈ ਜਾਵੇਗੀ | ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ |