ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ ਗਿਆ | ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾ. ਜਗਜੀਤ ਸਿੰਘ ਧੂਰੀ ਅਤੇ ਸਮੂਹ ਡਾਰੈਕਟਰਜ਼ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਹਰ ਸਾਲ ਇਹ ਦਿਵਸ ਮਨਾਇਆ ਜਾਇਆ ਕਰੇਗਾ | ਅੱਜ ਦੇ ਇਸ ਪਵਿੱਤਰ ਦਿਹਾੜੇ ਉੱਪਰ ਸਕੂਲ ਦੇ ਵਾਈਸ ਪਿ੍ੰਸੀਪਲ ਪੰਜਾਬੀ ਦੇ ਲੈਕਚਰਾਰ ਸੁਰਜੀਤ ਕੌਰ, ਜਸਵਿੰਦਰ ਕੌਰ ਅਤੇ ਮਨਦੀਪ ਸਿੰਘ, ਅਧਿਆਪਕਾ ਪ੍ਰਭਜੋਤ ਕੌਰ ਅਤੇ ਗੁਰਦੀਪ ਕੌਰ ਵੱਲੋਂ ਲੈਕਚਰ ਦਿੱਤਾ ਗਿਆ ਅਤੇ ਉਸ ਤੋਂ ਉਪਰੰਤ ਸਕੂਲ ਦੇ ਕੰਪਿਊਟਰ ਅਧਿਆਪਕ ਗੁਰਪ੍ਰੀਤ ਸਿੰਘ ਬੀੜਕਿਸ਼ਨ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਖੜੀਆਂ ਮੈਗਜ਼ੀਨ ਵਿਚ ਛਪੀ ਉਨ੍ਹਾਂ ਦੀ ਆਪਣੀ ਕਵਿਤਾ ਪੇਸ਼ ਕੀਤੀ ਗਈ | ਇਸ ਕਵਿਤਾ ਨੇ ਸਾਰੇ ਸਮਾਗਮ ਨੂੰ ਚਾਰ ਚੰਦ ਲਗਾ ਦਿੱਤੇ | ਉਪਰੰਤ ਸਮਾਗਮ ਦੇ ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਤੇ ਉਨ੍ਹਾਂ ਆਖਿਆ ਕਿ ਸਾਨੂੰ ਆਪਣੀ ਮਾਂ ਬੋਲੀ ਨਾਲ ਪਿਆਰ ਕਰਨਾ ਚਾਹੀਦਾ ਹੈ | ਸਕੂਲ ਪਿ੍ੰਸੀਪਲ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸਭ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਨਾਲ ਹੀ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ |