ਡੇਹਲੋਂ, 3 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਪੰਜਾਬ ਦਿਵਸ ਵਾਲੇ ਦਿਨ ਪੰਜਾਬੀਆਂ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਵੱਡਾ ਧੋਖਾ ਕੀਤਾ ਹੈ, ਜਿਸ ਨੂੰ ਸਹਿਣ ਕਰਨਾ ਬੇਹੱਦ ਔਖਾ ਹੋ ਚੁੱਕਾ ਹੈ, ਕਿਉਂਕਿ ਦੇਸ਼ ਦੀ ਭਾਜਪਾ ਸਰਕਾਰ ਨੇ ਪੰਜਾਬ ਪ੍ਰਤੀ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ¢ ਇਹ ਪ੍ਰਗਟਾਵਾ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿਚ ਸੋਧ ਕਰ ਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ¢ ਉਨ੍ਹਾਂ ਕਿਹਾ ਕਿ ਭਾਵੇਂ ਇਹ ਨੋਟੀਫ਼ਿਕੇਸ਼ਨ 28 ਅਕਤੂਬਰ ਨੂੰ ਜਾਰੀ ਹੋਇਆ ਅਤੇ ਤੁਰੰਤ ਲਾਗੂ ਹੋ ਗਿਆ, ਪਰ ਪੰਜਾਬੀ ਹੱਕਾਂ 'ਤੇ ਕੇਂਦਰ ਦਾ ਇਹ ਘਿਨੌਣਾ ਹਮਲਾ ਬੇਹੱਦ ਨਿੰਦਣਯੋਗ ਹੈ¢ ਸਾਬਕਾ ਆਈ. ਏ. ਐੱਸ ਅਧਿਕਾਰੀ ਕੇ. ਡੀ. ਵੈਦ ਨੇ ਕਿਹਾ ਕਿ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦਾ ਬੇਲੋੜਾ ਕਦਮ ਹੈ ¢ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਜਾਗਣ ਤਾਂ ਕਿ ਕੇਂਦਰ ਦੀਆਂ ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕੀਤਾ ਜਾ ਸਕੇ¢