ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 81.5 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਸੀ ਅਤੇ ਇਸ ਸਾਲ ਵੀ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ ਇਨ੍ਹਾਂ ਘਟਨਾਵਾਂ ਵਿੱਚ 77.5 ਫ਼ੀਸਦੀ ਦੀ ਕਮੀ ਦਰਜ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਦਿੱਤੇ ਸਹਿਯੋਗ, ਸਬਸਿਡੀ ਤੇ ਮੁਹੱਈਆ ਕਰਵਾਈਆਂ ਤਕਰੀਬਨ 9000 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ 'ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ | ਇਸੇ ਲੜੀ ਵਿੱਚ ਕਿਸਾਨਾਂ ਨੂੰ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਫੋਨ ਨੰਬਰ 0161-2433100 ਹੈ | ਇਹ ਕੰਟਰੋਲ ਰੂਮ 30 ਨਵੰਬਰ 2025 ਤੱਕ ਕਿਸਾਨਾਂ ਲਈ ਕੰਮ ਕਰੇਗਾ | ਇਸ ਕੰਟਰੋਲ ਰੂਮ ਤੋਂ ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਬੰਧਿਤ ਅਧਿਕਾਰੀਆਂ ਨਾਲ ਵੀ ਸੰਪਰਕ ਕਰਨ ਲਈ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਵਰਤੋਂ ਕਰਨ |