ਪਾਇਲ, 18 ਦਸੰਬਰ (ਨਿਜ਼ਾਮਪੁਰ)-ਜ਼ਿਲ੍ਹਾ ਕਾਨੂੰਨ ਸੇਵਾਵਾਂ ਅਥਾਰਿਟੀ ਵਲੋਂ ਯੂਥ ਅਗੇਂਸਟ ਡਰੱਗਜ ਮੁਹਿੰਮ ਤਹਿਤ ਸਬ-ਡਵੀਜ਼ਨ ਪਾਇਲ ਦੇ ਸਰਕਾਰੀ ਸੀ. ਸੈਕ. ਸਕੂਲ ਮਕਸੂਦੜਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ | ਇਸ ਮੌਕੇ ਐਡ. ਗੁਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 6 ਦਸੰਬਰ ਤੋਂ ਵਿੱਢੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਹਰ ਉਮਰ ਵਰਗ, ਹਰੇਕ ਖਿੱਤੇ ਦੇ ਲੋਕਾਂ ਦਾ ਅੱਗੇ ਆਉਣਾ ਸਮੇਂ ਦੀ ਲੋੜ ਹੈ | ਇਸ ਮੌਕੇ ਉਨ੍ਹਾਂ ਵਲੋਂ ਨਸ਼ਿਆਂ ਖ਼ਿਲਾਫ਼ ਜਾਰੀ ਕੀਤੇ ਟੋਲ ਫ਼ਰੀ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ੰ. ਵਰਿੰਦਰ ਸਿੰਘ, ਐਡ. ਲਖਵੀਰ ਸਿੰਘ, ਜਗਜੀਤ ਸਿੰਘ ਕੰਗ, ਕੁਲਦੀਪ ਕੌਰ ਆਦਿ ਹਾਜ਼ਰ ਸਨ |