ਮਾਛੀਵਾੜਾ ਸਾਹਿਬ, 19 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਲੱਗਦੀ ਸਲਾਨਾ ਸਭਾ 22, 23 ਅਤੇ 24 ਦਸੰਬਰ ਨੂੰ ਮਨਾਈ ਜਾ ਰਹੀ ਹੈ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਤਹਿਤ ਸਲਾਨਾ ਸਭਾ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ | ਉਨ੍ਹਾਂ ਸਲਾਨਾ ਸਭਾ ਦੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਵਿਰਸਾ ਸੰਭਾਲ ਗਤਕੇ ਮੁਕਾਬਲੇ ਕਰਵਾਏ ਜਾਣਗੇ ਜੋ ਕਿ ਸਵੇਰੇ 10 ਵਜੇ ਤੋਂ 5 ਵਜੇ ਤੱਕ ਚੱਲਣਗੇ | ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਗੁਰੂ ਘਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਗੁਰਦੁਆਰਾ ਝਾੜ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਪਹੁੰਚੇਗਾ, 23 ਦਸੰਬਰ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਹੋਰ ਕਵੀਸ਼ਰੀ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ 24 ਦਸੰਬਰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਉਪਰੰਤ ਗੁਰੂ ਘਰ ਆ ਕੇ ਸਮਾਪਤ ਹੋਵੇਗਾ | ਮੈਨੇਜਰ ਮੰਗਲੀ ਨੇ ਦੱਸਿਆ ਕਿ ਦੂਰ-ਦੁਰਾਡੇ ਤੋਂ ਪੁੱਜ ਰਹੀਆਂ ਸੰਗਤਾਂ ਦੇ ਆਰਾਮ ਲਈ ਕਲਗ਼ੀਧਰ ਨਿਵਾਸ ਵਿਖੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸਾਦੇ ਲੰਗਰ ਵਰਤਾਏ ਜਾਣਗੇ | ਇਸ ਮੌਕੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਜ ਸਲਾਨਾ ਸਭਾ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਸਲਾਨਾ ਸਭਾ ਦੇ ਤਿੰਨ ਦਿਨ 200 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ ਅਤੇ ਕਰੀਬ 100 ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਰਕਿੰਗਾਂ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ | ਇਸ ਮੌਕੇ ਹੈੈੱਡ ਗ੍ਰੰਥੀ ਗੁਰਮੁਖ ਸਿੰਘ, ਪ੍ਰਚਾਰਕ ਬਚਿੱਤਰ ਸਿੰਘ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਅਮਰਿੰਦਰ ਸਿੰਘ ਰਿਕਾਰਡ ਕੀਪਰ ਵੀ ਹਾਜ਼ਰ ਸਨ |