ਖੰਨਾ, 20 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਚਾਈਨਾ ਡੋਰ ਵਿਰੁੱਧ ਬਸੰਤ ਪੰਚਮੀ ਤੋਂ ਕਾਫ਼ੀ ਸਮਾਂ ਪਹਿਲਾਂ ਹੀ ਇਕ ਵਿਸ਼ੇਸ਼ ਅਤੇ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਪਹਿਲੀ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਨਾਲ ਗੈਰ-ਕਾਨੂੰਨੀ ਤੌਰ 'ਤੇ ਚਾਈਨਾ ਡੋਰ ਵੇਚਣ ਵਾਲਿਆਂ ਵਿਚ ਹੜਕੰਪ ਮਚ ਗਿਆ ਹੈ | ਇਹ ਕਾਰਵਾਈ ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ (ਆਈਪੀਐਸ) ਦੇ ਸਪੱਸ਼ਟ ਅਤੇ ਸਖ਼ਤ ਨਿਰਦੇਸ਼ਾਂ 'ਤੇ ਕੀਤੀ ਗਈ | ਇਸ ਸਬੰਧੀ ਜਾਣਕਾਰੀ ਡੀ. ਐਸ. ਪੀ ਵਿਨੋਦ ਕੁਮਾਰ ਵੱਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਐਸ. ਐਸ. ਪੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਹਾਦਸਾ ਨਾ ਵਾਪਰੇ | ਡੀ. ਐਸ. ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਇਸੇ ਮੁਹਿੰਮ ਦੇ ਤਹਿਤ ਸਦਰ ਪੁਲਿਸ ਸਟੇਸ਼ਨ, ਖੰਨਾ ਦੀ ਟੀਮ ਨੇ ਖ਼ਾਸ ਸੂਚਨਾ ਦੇ ਆਧਾਰ 'ਤੇ ਮਾਜਰੀ ਸੰਦੀਪ ਕਲੋਨੀ ਖੇਤਰ ਵਿੱਚ ਛਾਪੇਮਾਰੀ ਕੀਤੀ | ਇਸ ਦੌਰਾਨ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਰਾਜੇਸ਼ ਕੁਮਾਰ, ਵਸਨੀਕ ਸੰਦੀਪ ਕਲੋਨੀ ਮਾਜਰੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਕਾਫ਼ੀ ਸਮੇਂ ਤੋਂ ਗੈਰ-ਕਾਨੂੰਨੀ ਤੌਰ 'ਤੇ ਚਾਈਨਾ ਡੋਰ ਵੇਚਣ ਦੇ ਧੰਦੇ ਨਾਲ ਜੁੜਿਆ ਹੋਇਆ ਸੀ ਅਤੇ ਬਸੰਤ ਪੰਚਮੀ ਤੋਂ ਪਹਿਲਾਂ ਵੱਡੀ ਮਾਤਰਾ ਵਿੱਚ ਡੋਰ ਵੇਚਣ ਦੀ ਤਿਆਰੀ ਕਰ ਰਿਹਾ ਸੀ | ਸਦਰ ਥਾਣਾ ਦੇ ਐਸ. ਐਚ. ਓ ਸਤਨਾਮ ਸਿੰਘ ਨੇ ਦੱਸਿਆ ਕਿ ਏ. ਐਸ. ਆਈ ਅਮਰਜੀਤ ਸਿੰਘ ਨੂੰ ਇੱਕ ਭਰੋਸੇਯੋਗ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਰਾਜੇਸ਼ ਕੁਮਾਰ ਮਾਜਰੀ ਸੰਦੀਪ ਕਲੋਨੀ ਦੇ ਖਾਲੀ ਪਲਾਟਾਂ ਵਿੱਚ ਪਲਾਸਟਿਕ ਦੇ ਥੈਲਿਆਂ ਅੰਦਰ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਲੁਕਾ ਕੇ ਰੱਖੀ ਹੋਈ ਹੈ ਅਤੇ ਉਥੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਛਾਪਾ ਮਾਰਿਆ | ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਚਾਈਨਾ ਡੋਰ ਦੇ 40 ਗੱਟੂ ਬਰਾਮਦ ਹੋਏ | ਪੁਲਿਸ ਨੇ ਤੁਰੰਤ ਡੋਰ ਨੂੰ ਜ਼ਬਤ ਕਰ ਲਿਆ ਅਤੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ | ਡੀ. ਐਸ. ਪੀ. ਵਿਨੋਦ ਕੁਮਾਰ ਨੇ ਕਿਹਾ ਕਿ ਚਾਈਨਾ ਡੋਰ ਬੇਹੱਦ ਖ਼ਤਰਨਾਕ ਹੈ, ਜਿਸ ਨਾਲ ਹਰ ਸਾਲ ਕਈ ਨਿਰਦੋਸ਼ ਲੋਕ ਜ਼ਖ਼ਮੀ ਹੋ ਜਾਂਦੇ ਹਨ ਅਤੇ ਕਈ ਵਾਰ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ | ਖ਼ਾਸ ਕਰਕੇ ਦੋਪਹੀਆ ਵਾਹਨ ਚਾਲਕ, ਪੈਦਲ ਯਾਤਰੀ ਅਤੇ ਬੱਚੇ ਇਸ ਦਾ ਆਸਾਨੀ ਨਾਲ ਸ਼ਿਕਾਰ ਬਣ ਜਾਂਦੇ ਹਨ | ਇਸੇ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਚਾਈਨਾ ਡੋਰ ਵੇਚਣ ਜਾਂ ਵਰਤਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਅੰਤ ਵਿੱਚ ਡੀ. ਐਸ. ਪੀ ਵਿਨੋਦ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਜੇਕਰ ਕਿਤੇ ਵੀ ਇਸਦੀ ਵਿਕਰੀ ਜਾਂ ਸਟੋਰ ਕਰਨ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਖੰਨਾ ਪੁਲਿਸ ਜ਼ਿਲ੍ਹੇ ਨੂੰ ਸੁਰੱਖਿਅਤ ਅਤੇ ਹਾਦਸਾ-ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |