ਮਲੌਦ, 20 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ 'ਮਨਰੇਗਾ' ਸਕੀਮ ਨੂੰ ਬਦਲ ਕੇ ਗ਼ਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਰਦਿਆਂ ਕਿਹਾ ਕਿ ਨਵੇਂ ਕਾਨੂੰਨ ਅਨੁਸਾਰ ਨਾਂਅ, ਕੰਮ, ਪੈਸਾ ਤੇ ਕੰਮ ਦੀਆਂ ਮੁਸ਼ਕਲਾਂ ਕੇਂਦਰ ਸਰਕਾਰ ਖੜੀਆਂ ਕਰਨ ਜਾ ਰਹੀ ਹੈ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ 'ਮਨਰੇਗਾ' (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ) ਤੋਂ ਬਦਲ ਕੇ 'ਜੀ ਰਾਮ ਜੀ' (ਵਿਕਸਿਤ ਭਾਰਤ ਗਾਰੰਟੀ ਅਤੇ ਅਜੀਵਿਕਾ ਮਿਸ਼ਨ ਗ੍ਰਾਮੀਣ) ਨਾਂਅ ਬਦਲਣ ਨਾਲ ਗ਼ਰੀਬਾਂ ਦੇ ਜੀਵਨ ਵਿਚ ਸੁਧਾਰ ਨਹੀਂ ਆਉਣਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਗਰੀਬ ਵਰਗ ਨਾਲ ਹਮੇਸ਼ਾ ਡਟ ਕੇ ਖੜੀ ਹੈ ਜੋ ਕੇਂਦਰ ਦੀਆਂ ਗਰੀਬ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ |