ਖੰਨਾ, 23 ਦਸੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਦੇ ਐਨ. ਐੱਸ. ਐੱਸ. ਯੂਨਿਟ ਵੱਲੋਂ ਸ਼ਹੀਦੀ ਵੀਕ ਦੇ ਤਹਿਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ' ਵਿਸ਼ੇ 'ਤੇ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ਅਤੇ ਸ਼ਹਾਦਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ-ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ-ਦੀ ਸ਼ਹਾਦਤ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਆਤਮਿਕ ਬਲ ਦਾ ਉਮਰ ਨਾਲ ਕੋਈ ਸੰਬੰਧ ਨਹੀਂ ਹੁੰਦਾ | ਉਨ੍ਹਾਂ ਨੇ ਪ੍ਰੋਗਰਾਮ ਦੌਰਾਨ ਸਿੱਖ ਇਤਿਹਾਸ ਦੇ ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਭਾਰਤੀ ਇਤਿਹਾਸ ਦਾ ਉਹ ਸੁਨਹਿਰਾ ਅਧਿਆਇ ਹੈ, ਜਿਸ ਨੇ ਧਰਮ, ਸੱਚ ਅਤੇ ਮਨੁੱਖਤਾ ਦੀ ਰੱਖਿਆ ਲਈ ਅਦੁੱਤੀ ਸਾਹਸ ਅਤੇ ਬਲੀਦਾਨ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਦੀ ਵੀਰਤਾ ਅਤੇ ਤਿਆਗ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਮਾਰਗਦਰਸ਼ਕ ਰਹੇਗਾ | ਇਸ ਦੌਰਾਨ ਵਿਦਿਆਰਥਣਾਂ ਸਾਹਿਲਪ੍ਰੀਤ ਕੌਰ, ਮੰਥਨਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਸੁਮਨਪ੍ਰੀਤ ਕੌਰ ਵੱਲੋਂ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਵੀ ਆਯੋਜਨ ਕੀਤਾ ਗਿਆ |