ਮਹਿਲ ਕਲਾਂ, 3 ਜੂਨ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸਬ-ਡਵੀਜ਼ਨ ਮਹਿਲ ਕਲਾਂ, ਠੁੱਲੀਵਾਲ ਦੇ ਪ੍ਰਧਾਨ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਜਾਇਜ਼ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ, ਜ਼ਿਲ੍ਹਾ ਆਗੂ ਸੁਖਦੇਵ ਸਿੰਘ ਜਲੂਰ, ਸਾਥੀ ਪਾਰਸ ਮਹਿਲ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਬਹਾਨੇਬਾਜ਼ੀ ਨਾਲ ਟਾਲਿਆ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕੀਤਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਸਰਕਾਰ ਦਾ ਡਟ ਕੇ ਵਿਰੋਧ ਕਰਨ ਲਈ 14 ਜੂਨ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਐਕਸ਼ਨ 'ਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੈਨਸ਼ਨਰਾਂ ਦੀਆਂ ਡਿਊਟੀਆਂ ਵੰਡ ਕੇ ਜ਼ਿੰਮੇਵਾਰੀ ਸੌਂਪੀ ਗਈ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਛੇਵੇਂ ਤਨਖ਼ਾਹ ਕਮਿਸ਼ਨ ਅਤੇ ਡੀ.ਏ. ਦੇ ਬਕਾਏ ਜਾਰੀ ਕੀਤੇ ਜਾਣ ਅਤੇ ਮੈਡੀਕਲ ਕੈਸਲੈਸ ਸਕੀਮ ਨੂੰ ਦੁਬਾਰਾ ਲਾਗੂ ਕੀਤਾ ਜਾਵੇ | ਕੇਂਦਰ ਸਰਕਾਰ ਵਿਰੁੱਧ 9 ਜੁਲਾਈ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰਕੇ ਕਾਫ਼ਲੇ ਬੰਨ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ | ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ ਆਪਣੀਆਂ ਹੱਕੀ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਇਸ ਮੌਕੇ ਆਗੂ ਬਿੱਕਰ ਸਿੰਘ ਛੀਨੀਵਾਲ, ਸਾਧੂ ਸਿੰਘ, ਸ਼ਿਆਮ ਸਿੰਘ ਖੇੜੀ, ਮਲਕੀਤ ਸਿੰਘ ਸਹੌਰ, ਦਰਸ਼ਨ ਸਿੰਘ ਕਲਾਲ ਮਾਜਰਾ, ਸੁਰਜੀਤ ਸਿੰਘ ਖ਼ਿਆਲੀ, ਦਰਸ਼ਨ ਸਿੰਘ ਜੌਹਲ, ਹਰਮੇਲ ਸਿੰਘ ਗੋਬਿੰਦਗੜ੍ਹ, ਹਰਵਿੰਦਰ ਸਿੰਘ ਕੁਰੜ, ਅਜੈਬ ਸਿੰਘ ਕੁਰੜ, ਹਰਬੰਸ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਹਮੀਦੀ, ਜਗਮੇਲ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ |