ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ. ਬੈਨਿਥ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਥਾਣੇ ਵਿਖੇ ਜਮ੍ਹਾਂ ਕਰਵਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ | ਨੌਕਰ ਦੀ ਤਨਖ਼ਾਹ ਵਿਚੋਂ 100/200 ਰੁਪਏ ਦਾ ਮਨੀ ਆਰਡਰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ 'ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫ਼ੋਟੋ ਕਾਪੀ ਨੂੰ ਆਪਣੇ ਕਬਜ਼ੇ ਵਿਚ ਰੱਖਣ | ਨੌਕਰ ਦੇ ਫਿੰਗਰ ਪਿ੍ੰਟ ਮਾਲਕ ਆਪਣੇ ਰਜਿਸਟਰ ਵਿਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਉਣ | ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿਚ ਦਰਜ ਕਰਵਾਉਣ | ਇਹ ਪਾਬੰਦੀਆਂ ਦੇ ਹੁਕਮ 18 ਜੁਲਾਈ ਤੱਕ ਲਾਗੂ ਰਹਿਣਗੇ |