ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਅੱਜ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚੇ, ਜਿੱਥੇ ਉਨ੍ਹਾਂ ਭਾਰੀ ਬਾਰਸ਼ ਕਾਰਨ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਪੰਜਾਬ ਦੇ ਅਨੇਕਾਂ ਪਿੰਡਾਂ ਵਿਚ ਗ਼ਰੀਬਾਂ ਦੇ ਰੈਣ ਬਸੇਰੇ ਵੀ ਢਹਿ ਢੇਰੀ ਹੋ ਗਏ ਹਨ | ਪ੍ਰੰਤੂ ਸੂਬਾ ਤੇ ਕੇਂਦਰ ਸਰਕਾਰ ਇਸ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ | ਸ੍ਰੀ ਕਾਂਗੜਾ ਨੇ ਕਿਹਾ ਕਿ ਹਲਕੇ ਦੇ ਪਿੰਡ ਹਮੀਦੀ, ਖੇੜੀ ਚਹਿਲਾਂ, ਸਹਿਜੜਾ ਸਣੇ ਕਈ ਪਿੰਡਾਂ ਵਿਚ ਲੋਕਾਂ ਦੇ ਮਕਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ | ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਲਈ ਯਤਨ ਕਰਨਗੇ | ਇਸ ਮੌਕੇ ਪ੍ਰਗਟ ਸਿੰਘ ਖੇੜੀ, ਰਣਜੀਤ ਸਿੰਘ ਖੇੜੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਜਗਜੀਤ ਸਿੰਘ, ਜਸਵਿੰਦਰ ਸਿੰਘ ਹਮੀਦੀ, ਪ੍ਰਕਾਸ਼ ਸਿੰਘ, ਸਰਬਜੀਤ ਕੌਰ, ਚਮਕੌਰ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ |