ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜੱਜ ਸਿੰਘ ਗਹਿਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਭਾਰੀ ਤਬਾਹੀ ਨਾਲ ਦਰਜਨਾਂ ਤੋਂ ਵੱਧ ਮੌਤਾਂ ਤੋਂ ਇਲਾਵਾ ਫ਼ਸਲਾਂ/ਜ਼ਮੀਨਾਂ, ਮਕਾਨਾਂ, ਦੁਕਾਨਾਂ ਅਤੇ ਪਸ਼ੂਆਂ ਵਗ਼ੈਰਾ ਦਾ ਬਹੁਤ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਹੋਰ ਵੀ ਲਗਾਤਾਰ ਜਾਰੀ ਹੈ ਪ੍ਰੰਤੂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵਲੋਂ ਅਗਲੇ ਹੋਣ ਵਾਲੇ ਨੁਕਸਾਨ ਦਾ ਪਤਾ ਹੋਣ ਬਾਵਜੂਦ ਉਸ ਨੂੰ ਰੋਕਣ ਲਈ ਪਹਿਲਾਂ ਵੀ ਕੋਈ ਪ੍ਰਬੰਧ ਨਹੀਂ ਕੀਤੇ ਗਏ ਅਤੇ ਹੁਣ ਵੀ ਲੋੜੀਂਦੇ ਪ੍ਰਬੰਧ ਤੁਰੰਤ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਗਿਆ | ਬਹੁਤੇ ਪਿੰਡਾ ਵਿਚ ਗਲੀਆਂ ਨਾਲੀਆਂ ਪਾਣੀ ਨਾਲ ਭਰੀਆਂ ਪਈਆਂ ਹਨ | ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ | ਇਸ ਲਈ ਕੌਮੀ ਆਫ਼ਤ ਫ਼ੰਡ ਜਾਰੀ ਕਰ ਕੇ ਵੱਡੇ ਪੱਧਰ 'ਤੇ ਰਾਹਤ ਕਾਰਜਾਂ ਨੂੰ ਫ਼ੌਰੀ ਅੱਗੇ ਵਧਾਇਆ ਜਾਵੇ | ਹੜ੍ਹਾਂ ਦੀ ਮਾਰ ਸਦਕਾ ਹੋਈਆਂ ਇਨਸਾਨੀ ਮੌਤਾਂ ਵਾਲੇ ਪਰਿਵਾਰਾਂ ਨੂੰ ਮਾਇਕ ਸਹਾਇਤਾ ਦੇ ਕੇ ਢਾਰਸ ਦਿੱਤੀ ਜਾਵੇ | ਪਾਲਤੂ ਪਸ਼ੂ ਤੇ ਹੋਰਨਾਂ ਸਹਾਇਕ ਧੰਦਿਆਂ ਦੇ ਨੁਕਸਾਨ, ਘਰ-ਘਾਟ ਤੇ ਫ਼ਸਲਾਂ, ਜ਼ਮੀਨਾਂ ਵਗ਼ੈਰਾ ਦੀ ਬਰਬਾਦੀ ਨੂੰ ਝੱਲਣ ਵਾਲੇ ਲੋਕਾਂ ਦੇ ਨੁਕਸਾਨ ਦੀ 100 ਫ਼ੀਸਦੀ ਪੂਰਤੀ ਲਈ ਤੁਰੰਤ ਫ਼ੰਡ ਜਾਰੀ ਕੀਤੇ ਜਾਣ | ਬਰਸਾਤੀ ਪਾਣੀ ਦੇ ਪ੍ਰਦੂਸ਼ਣ ਸਦਕਾ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਅਗਾਊਾ ਰੋਕਥਾਮ ਲਈ ਸਿਹਤ ਵਿਭਾਗ ਵੱਡੇ ਪੱਧਰ 'ਤੇ ਉਪਰਾਲੇ ਕਰੇ | ਆਗੂਆਂ ਕਿਹਾ ਕਿ ਬਰਸਾਤੀ ਮੌਸਮ ਆਉਣ ਤੋਂ ਪਹਿਲਾਂ ਦਰਿਆਵਾਂ, ਡਰੇਨਾਂ, ਧੁੱਸੀ ਬੰਨ੍ਹ ਤੇ ਫਲੱਡ ਗੇਟਾਂ ਵਗ਼ੈਰਾ ਦੀ ਕੀਤੀ ਜਾਣ ਵਾਲੀ ਪਰਖ ਪੜਤਾਲ, ਸਫ਼ਾਈ, ਮੁਰੰਮਤ ਵਗ਼ੈਰਾ ਕਰਨ ਵਿਚ ਭਾਰੀ ਅਣਗਹਿਲੀ ਹੋਈ ਹੈ | ਅਜਿਹੀ ਕੋਤਾਹੀ ਕਰਨ ਵਾਲੀ ਦੋਸ਼ੀ ਸਿਆਸੀ ਲੀਡਰਸ਼ਿਪ ਅਤੇ ਅਫ਼ਸਰਸ਼ਾਹੀ ਨੂੰ ਲੋਕਾਂ ਦੀ ਜਾਨ-ਮਾਲ ਨਾਲ ਖੇਡਣ ਲਈ ਬਣਦੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਦਰਸ਼ਨ ਸਿੰਘ ਚੀਮਾ, ਬੂਟਾ ਸਿੰਘ ਗੰਡੇਵਾਲ, ਨਰਿਪਜੀਤ ਸਿੰਘ ਬਡਬਰ, ਕੁਲਜੀਤ ਸਿੰਘ ਵਜੀਦਕੇ, ਜਰਨੈਲ ਸਿੰਘ ਜਵੰਦਾ, ਅÏਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ ਧਨੌਲਾ, ਚਰਨਜੀਤ ਕੌਰ, ਸਰਬਜੀਤ ਕੌਰ ਠੁੱਲੀਵਾਲ, ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ |