ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਦੇ ਹੋਏ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਤਰਨਤਾਰਨ ਤੋਂ ਕਰ ਦਿੱਤੀ ਗਈ ਹੈ ਅਤੇ 25 ਸਤੰਬਰ ਤੋਂ ਬਰਨਾਲਾ ਵਿਚ ਰਜਿਸਟ੍ਰੇਸ਼ਨ ਕੈਂਪ ਲਾਏ ਜਾਣਗੇ | ਇਹ ਪ੍ਰਗਟਾਵਾ ਸੰਸਦ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਸੂਬੇ ਦੇ ਹਰ ਪਰਿਵਾਰ ਨੂੰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਲਗਭਗ 90 ਫ਼ੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ | ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ 10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਛੇਤੀ ਦਿੱਤੀ ਜਾ ਰਹੀ ਹੈ ਜੋ ਕਿ ਬੜਾ ਵੱਡਾ ਫ਼ੈਸਲਾ ਹੈ | ਇਹ ਸਕੀਮ ਸਿਹਤ ਖੇਤਰ ਵਿਚ ਵੱਡਾ ਕਦਮ ਹੈ | ਹੁਣ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਵੀ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਇਆ ਜਾ ਸਕੇਗਾ | ਉਨ੍ਹਾਂ ਦੱਸਿਆ ਕਿ 25 ਸਤੰਬਰ ਤੋਂ ਇਹ ਕੈਂਪ ਬਰਨਾਲਾ ਦੇ ਸਿਵਲ ਹਸਪਤਾਲ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਾਏ ਜਾਣਗੇ | ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਬਾਕੀ ਥਾਵਾਂ 'ਤੇ ਵੀ ਕੈਂਪ ਲਾ ਕੇ ਸਾਰੇ ਜ਼ਿਲ੍ਹਾ ਵਾਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ | ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਨਾਲ ਲਿਜਾਇਆ ਜਾਵੇ | ਉਨ੍ਹਾਂ ਨੇ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਾ ਕੇ ਰਜਿਸਟਰੇਸ਼ਨ ਜ਼ਰੂਰ ਕਰਵਾਉਣ |