ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕ ਮੀਟਿੰਗ ਹੋਈ ਜਿਸ ਵਿਚ ਮਾਲਵਾ ਵੈਸਟ ਜੋਨ ਦੇ ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਤੋਂ ਇਲਾਵਾ ਸਮੁੱਚੀ ਟੀਮ ਨੇ ਹਿੱਸਾ ਲਿਆ | ਇਸ ਮੌਕੇ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਨਸ਼ਾ ਪੀੜਤਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਵਧ-ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਇਸ ਨਸ਼ੇ ਦੇ ਕੋਹੜ ਨੂੰ ਜੜ ਤੋਂ ਹੀ ਖ਼ਤਮ ਕੀਤਾ ਜਾ ਸਕੇ | ਪੰਜਾਬ ਦੇ ਲੋਕਾਂ ਨੇ ਜਦੋਂ ਤੋਂ ਸੂਬੇ ਅੰਦਰ ਸਰਕਾਰ ਬਣਾਈ ਹੈ, ਉਦੋਂ ਤੋਂ ਹੀ ਪਾਰਟੀ ਇਸ ਮੁਹਾਜ਼ 'ਤੇ ਕੰਮ ਕਰ ਰਹੀ ਹੈ | ਪੰਜਾਬ ਸਰਕਾਰ ਵਲੋਂ ਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨ ਦੇ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਚੈਰੀ ਨੇ ਮਾਲਵਾ ਵੈਸਟ ਜੋਨ ਦੇ ਕੋਆਰਡੀਨੇਟਰ ਚਹਿਲ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਵੀ ਲਗਾਤਾਰ ਪਿੰਡ-ਪਿੰਡ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਹ ਸਰਕਾਰ ਵਲੋਂ ਚਲਾਈ ਗਈ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣਗੇ, ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਸਮੂਹ ਪਾਰਟੀ ਵਰਕਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਮੌਜੂਦ ਸਨ |