ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਹਰਬੰਸ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਲੋਹਗੜ੍ਹ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ: ਅਮਨਦੀਪ ਕੌਰ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਨਵਿੰਦਰਪਾਲ ਸਿੰਘ ਬਰਾੜ ਨੇ ਕਿਸਾਨਾਂ ਨੂੰ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫ਼ੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾ ਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ | ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖ਼ਰਚੇ ਘੱਟ ਸਕਣ | ਐਸ.ਐਚ.ਓ ਮਹਿਲ ਕਲਾਂ ਸਰਬਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ | ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕਰਦਿਆਂ ਵਿਭਾਗ ਵਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ-ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ | ਕੁਲਵੀਰ ਸਿੰਘ ਏ.ਟੀ.ਐੱਮ. ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਪਰਾਲੀ ਪ੍ਰਬੰਧਨ ਸਬੰਧੀ ਲੱਕੀ ਡਰਾਅ ਸਕੀਮ ਤਹਿਤ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ | ਇਸ ਮੌਕੇ ਕੁਲਦੀਪ ਸਿੰਘ ਬੇਲਦਾਰ, ਕਿਸਾਨ ਅਮਰੀਕ ਸਿੰਘ, ਰਣਧੀਰ ਸਿੰਘ ਪ੍ਰਧਾਨ ਸੁਸਾਇਟੀ, ਭੁਪਿੰਦਰ ਸਿੰਘ, ਬਲਵੰਤ ਸਿੰਘ ਕਿਸਾਨ ਹਾਜ਼ਰ ਸਨ |