ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰ ਕੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ | ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਇਕ ਖੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਨੂੰ ਬਿਹਤਰ ਢੰਗ ਨਾਲ ਮਹਿਸੂਸ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਦੁੱਖ ਦਰਦ ਵਧੀਆ ਢੰਗ ਨਾਲ ਵੰਡਾਉਣਾ ਜਾਣਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰੇਕ ਜ਼ਿਲ੍ਹੇ ਤੇ ਹਲਕਿਆਂ ਦੇ ਇੰਚਾਰਜਾਂ ਦੀਆਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਡਿਊਟੀਆਂ ਲਗਾਈਆਂ ਹੋਈਆਂ ਹਨ ਤੇ ਇਸ ਮਾਮਲੇ ਵਿਚ ਉਹ ਨਿੱਜੀ ਦਿਲਚਸਪੀ ਲੈ ਕੇ ਫੀਡਬੈਕ ਲੈਣ ਤੋਂ ਬਾਅਦ ਲੋੜਵੰਦਾਂ ਤੱਕ ਸੁੱਕਾ ਰਾਸ਼ਨ, ਪਾਣੀ, ਦਵਾਈਆਂ, ਟਰੈਕਟਰਾਂ ਤੇ ਮਿੱਟੀ ਢੋਹਣ ਲਈ ਡੀਜ਼ਲ ਦਾ ਖ਼ਰਚੇ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪਹੁੰਚ ਰਹੇ ਹਨ | ਐਡਵੋਕੇਟ ਰਾਹੀ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਹੜ੍ਹਾਂ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਜਿੱਥੇ ਕੇਂਦਰ ਸਰਕਾਰ ਪੰਜਾਬ ਲਈ ਕੋਈ ਰਾਹਤ ਪੈਕੇਜ ਦਾ ਐਲਾਨ ਨਾ ਕਰ ਕੇ ਪੰਜਾਬ ਨਾਲ ਵਿਤਕਰੇ ਭਰਿਆ ਸਲੂਕ ਕਰ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਪੀੜਤ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਵਿਚ ਨਾਕਾਮ ਸਾਬਤ ਹੋਈ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਲੱਕੀ ਭੱਟਾ, ਬਲਜਿੰਦਰ ਸਿੰਘ, ਬੇਅੰਤ ਮਾਂਗਟ, ਹਰਜਿੰਦਰ ਪਾਲੀ, ਗੁਲਾਬ ਕਾਲਾ, ਜੱਗੀ ਸਿੰਘ, ਗੁਰਮੇਲ ਸਿੰਘ, ਗੁਰਬਿੰਦਰ ਸਿੰਘ ਬਾਸੀ,ਬਿੱਟੂ ਬਰਾੜ, ਗੋਗੀ ਮਹੰਤ ਆਦਿ ਪਾਰਟੀ ਵਰਕਰ ਮੌਜੂਦ ਸਨ |