ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਆਗੂ ਸ੍ਰੀ ਭੁਪਿੰਦਰ ਕੁਮਾਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸ੍ਰੀ ਭੁਪਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਿਨਟ ਮੀਟਿੰਗ ਦੌਰਾਨ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫ਼ਤਰੀ ਕਰਮਚਾਰੀਆਂ ਨੂੰ ਕੈਬਨਿਟ ਵਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਪੱਕਾ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਦੌਰਾਨ ਸਰਕਾਰ ਵਲੋਂ ਮੁਲਾਜ਼ਮਾਂ ਦੀ ਤਨਖ਼ਾਹ 'ਤੇ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਜਿਸ ਸਬੰਧੀ ਸਿੱਖਿਆ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ | ਜਿਸ ਕਰ ਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ | ਉਨ੍ਹਾਂ ਕਿਹਾ ਕਿ ਦਫ਼ਤਰੀ ਕਰਮਚਾਰੀ ਸਾਲ 2005 ਤੋਂ ਲਗਾਤਾਰ ਸਿੱਖਿਆ ਵਿਭਾਗ ਵਿਚ ਬੜੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਪਰ ਸਮੇਂ-ਸਮੇਂ ਦੀਆ ਸਰਕਾਰਾਂ ਵਲੋਂ ਹਮੇਸ਼ਾ ਹੀ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆ ਹੀ ਕੀਤਾ | ਉਨ੍ਹਾਂ ਮੰਗ ਕੀਤੀ ਕਿ ਦਫ਼ਤਰੀ ਕਰਮਚਾਰੀਆਂ ਨੂੰ 1 ਅਪ੍ਰੈਲ 2018 ਤੋਂ ਪੂਰੀਆਂ ਤਨਖ਼ਾਹਾਂ ਦੇ ਕੇ ਰੈਗੂਲਰ ਕੀਤਾ ਜਾਵੇ ਅਤੇ ਕੋਈ ਪ੍ਰੋਬੇਸ਼ਨ ਨਾ ਲਗਾਇਆ ਜਾਵੇ ਅਤੇ ਮਿਡ-ਡੇ-ਮੀਲ ਤਹਿਤ ਕੰਮ ਕਰ ਰਹੇ 120 ਕਰਮਚਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਨਾ ਕੀਤਾ ਤਾਂ ਮੁਲਾਜ਼ਮ ਮਜਬੂਰਨ ਸੜਕਾਂ 'ਤੇ ਆ ਕੇ ਵਿਭਾਗ ਦਾ ਕੰਮ ਬੰਦ ਕਰ ਕੇ ਮੁੱਖ ਮੰਤਰੀ ਦੀ ਕੋਠੀ ਅਤੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਨੂੰ ਮਜਬੂਰ ਹੋਣਗੇ | ਇਸ ਮੌਕੇ ਕੁਲਦੀਪ ਸਿੰਘ, ਜਗਜੀਤ ਸਿੰਘ, ਵੀਨਾ ਰਾਣੀ, ਮੀਨਾਕਸ਼ੀ, ਜਸਵੀਰ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ |