ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ-ਹਮੀਦੀ ਲਿੰਕ ਸੜਕ 'ਤੇ ਬੀਤੇ ਦਿਨ ਵਾਪਰੇ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਇਆ ਨੌਜਵਾਨ ਇਲਾਜ ਦੌਰਾਨ ਦਮ ਤੋੜ ਗਿਆ | ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਹਮੀਦੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਮਹਿਲ ਕਲਾਂ ਵੱਲ ਜਾ ਰਿਹਾ ਸੀ | ਜਦੋਂ ਉਹ ਰਸਤੇ 'ਚ ਪਿੰਡ ਸਹੌਰ ਨੇੜੇ ਪਹੁੰਚਿਆ ਤਾਂ ਅੱਗਿਓਾ ਆ ਰਹੀ ਬੋਲੈਰੋ ਕਾਰ ਨਾਲ ਸਿੱਧੀ ਟੱਕਰ ਹੋ ਜਾਣ ਕਰ ਕੇ ਮੋਟਰਸਾਈਕਲ ਚਾਲਕ ਨੌਜਵਾਨ ਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਸੀ.ਐੱਚ.ਸੀ. ਮਹਿਲ ਕਲਾਂ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੇ ਸਿਰ ਅਤੇ ਮੂੰਹ 'ਤੇ ਜ਼ਿਆਦਾ ਸੱਟ ਹੋਣ ਕਰ ਕੇ ਗੰਭੀਰ ਹਾਲਤ ਨੂੰ ਵੇਖਦਿਆਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਹਮੀਦੀ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਠੁੱਲੀਵਾਲ ਪੁਲਿਸ ਨੇ ਬੋਲੈਰੋ ਕਾਰ ਡਰਾਈਵਰ ਯਸ਼ਵੀਰ ਸਿੰਘ ਗਾਗੇਵਾਲ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ |