ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 'ਜ਼ੀਰੋ ਪੱਧਰ' ਤੱਕ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ | ਇਸ ਲਈ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿਚ ਵੰਡਿਆ ਗਿਆ ਹੈ, ਜਿੱਥੇ ਕਲੱਸਟਰ ਅਧਿਕਾਰੀਆਂ, ਸਹਾਇਕ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਦੇ ਨਾਲ ਪਟਵਾਰੀ, ਸਰਪੰਚ, ਨੰਬਰਦਾਰ, ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀ ਸਹਿਯੋਗੀ ਟੀਮ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ | ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਬਿਨਾਂ ਪਰਾਲੀ ਸਾੜੇ ਉਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ | ਇਸ ਮੌਕੇ ਰਸਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਠੀਕਰੀਵਾਲ, ਕੁਲਦੀਪ ਸਿੰਘ ਬੇਲਰ ਅਤੇ ਮਨਜੀਤ ਸਿੰਘ ਮਹੰਤ ਨਾਲ ਮਿਲ ਕੇ ਪਰਾਲੀ ਦੀਆਂ ਗੰਢਾਂ ਬਣਾਈਆਂ | ਇਨ੍ਹਾਂ ਕਿਸਾਨਾਂ ਨੇ ਮਲਚਰ ਦੀ ਵਰਤੋਂ ਕਰ ਕੇ ਆਲੂਆਂ ਦੀ ਬਿਜਾਈ ਕਰਨ ਦੀ ਤਿਆਰੀ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿਚ ਖੇਤੀਬਾੜੀ ਮਸ਼ੀਨਰੀ ਉਪਲਬਧ ਹੈ | ਖੇਤੀਬਾੜੀ ਵਿਭਾਗ ਨੂੰ ਹਦਾਇਤ ਦਿੱਤੀ ਗਈ ਹੈ ਕਿ ਸਾਰੇ ਪਿੰਡਾਂ ਵਿਚ ਮਸ਼ੀਨਰੀ ਦੀਆਂ ਸੂਚੀਆਂ ਪ੍ਰਦਰਸ਼ਿਤ ਕੀਤੀਆਂ ਜਾਣ ਤਾਂ ਜੋ ਕਿਸਾਨਾਂ ਨੂੰ ਸਹੂਲਤ ਮਿਲਦੀ ਰਹੇ | ਉਨ੍ਹਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਰਿਮੋਟ ਸੈਂਸਿੰਗ ਰਾਹੀਂ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਜਿੱਥੇ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣਗੀਆਂ, ਉੱਥੇ ਕਾਨੂੰਨੀ ਕਾਰਵਾਈ ਹੋਵੇਗੀ | ਡੀ.ਸੀ. ਬਰਨਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਝੋਨੇ ਦੀ ਕਟਾਈ ਤੋਂ ਬਾਅਦ ਬਿਨਾਂ ਪਰਾਲੀ ਸਾੜੇ ਹੀ ਕਣਕ ਦੀ ਬਿਜਾਈ ਕਰ ਸਕਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪੰਚਾਇਤ ਘਰਾਂ, ਕਮਿਊਨਿਟੀ ਸੈਂਟਰਾਂ ਅਤੇ ਆਂਗਣਵਾੜੀ ਕੇਂਦਰਾਂ 'ਤੇ ਕੰਟਰੋਲ ਰੂਮ ਬਣਾਏ ਗਏ ਹਨ | ਕਲੱਸਟਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਰੋਕੂ ਕਮੇਟੀਆਂ, ਕੰਬਾਈਨ ਤੇ ਬੇਲਰ ਮਾਲਕਾਂ ਅਤੇ ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਦਿੱਤੀਆਂ ਜਾ ਚੁੱਕੀਆਂ ਹਨ | ਇਸ ਮੌਕੇ ਮੁੱਖ ਖੇਤੀਬਾੜੀ ਅਧਿਕਾਰੀ ਬਰਨਾਲਾ ਡਾ: ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਮਸ਼ੀਨਰੀ ਦੀ ਲੋੜ ਹੈ, ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ | ਇਸ ਦੌਰਾਨ ਡਾ: ਧਰਮਵੀਰ ਸਿੰਘ (ਏ.ਡੀ.ਓ.), ਡੀ.ਐਸ.ਪੀ. ਸਤਵੀਰ ਸਿੰਘ, ਬੇਅੰਤ ਸਿੰਘ (ਤਕਨੀਸ਼ੀਅਨ ਗਰੇਡ-1), ਸੁਨੀਤਾ ਰਾਣੀ (ਨੋਡਲ ਅਫ਼ਸਰ ਪਰਾਲੀ), ਸੁਖਪਾਲ ਸਿੰਘ (ਕਲੱਸਟਰ ਅਫਸਰ) ਤੇ ਹੋਰ ਅਧਿਕਾਰੀ ਹਾਜ਼ਰ ਸਨ |