ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਨ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਵੀ ਸ਼ਾਮਿਲ ਕੀਤੀ ਗਈ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਗਿਆ ਹੈ | ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ | ਇਹ ਯੋਜਨਾ ਦੇਸ਼ ਭਰ ਵਿਚ ਵੱਡੀ ਮਿਸਾਲ ਪੈਦਾ ਕਰੇਗੀ ਕਿਉਂਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰ ਪਰਿਵਾਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਹਰ ਸਹੂਲਤ ਮਿਲੇਗੀ |