ਧੂਰੀ 28 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਮਿਸ਼ਨ ਚੜ੍ਹਦੀ ਕਲਾ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫ਼ੰਡ ਜੁਟਾਉਣ ਲਈ ਆਲਮੀ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਸੂਬਾ ਇਕ ਅਜਿਹੇ ਅੱਖੋਂ ਦੌਰ ਵਿਚੋਂ ਗੁਜ਼ਰਿਆ ਹੈ ਅਤੇ ਹੜ੍ਹਾਂ ਨੇ ਸਿਰਫ਼ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿਚ ਵਹਿ ਗਏ | ਉਨ੍ਹਾਂ ਕਿਹਾ ਕਿ ਸੂਬੇ ਦੇ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਦੌਰਾਨ ਪੰਜਾਬ ਸਰਕਾਰ ਦੇ ਨਾਲ ਨੌਜਵਾਨਾਂ ਸਮੇਤ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਧ-ਚੜ੍ਹ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈਆਂ ਹਨ ਅਤੇ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ |