ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਨਿਰਸਵਾਰਥ ਕੁਰਬਾਨੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ | ਇਸ ਤਹਿਤ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਥਾਵਾਂ ਉੱਤੇ ਵਿਸ਼ੇਸ਼ ਸਮਾਗਮ, ਵਿਸ਼ਾਲ ਨਗਰ ਕੀਰਤਨ ਅਤੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾ ਰਹੇ ਹਨ | ਜ਼ਿਲ੍ਹਾ ਬਰਨਾਲਾ 'ਚ 6 ਨਵੰਬਰ ਤੋਂ 16 ਨਵੰਬਰ ਤੱਕ 11 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਥਾਵਾਂ ਉੱਤੇ ਕਵੀ ਦਰਬਾਰ/ਕੀਰਤਨ ਸਮਾਗਮ ਕਰਵਾਏ ਜਾਣਗੇ | 14 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਗੁਰੂ ਸਾਹਿਬਾਨ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਅਤੇ 20 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੱਧਰੀ ਸਭਿਆਚਾਰਕ ਕਮੇਟੀ ਦੀ ਬੈਠਕ ਦੌਰਾਨ ਕੀਤਾ | ਇਹ ਬੈਠਕ ਗੁਰੂ ਸਾਹਿਬਾਨ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਪ੍ਰਬੰਧਾਂ ਲਈ ਬੁਲਾਈ ਗਈ ਸੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਨਵੰਬਰ ਨੂੰ ਗੁਰਦੁਆਰਾ ਗੁਰੂ ਤੇਗ਼ ਬਹਾਦਰ ਹਿੰਦ ਦੀ ਚਾਦਰ ਸੇਖਾ ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂਸਰ ਸਾਹਿਬ ਕੱਟੂ ਵਿਖੇ ਸਮਾਗਮ ਕਰਵਾਏ ਜਾਣਗੇ | ਇਸੇ ਤਰ੍ਹਾਂ 8 ਨਵੰਬਰ ਨੂੰ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਅਤੇ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਜੀ ਪਾਤਸ਼ਾਹੀ ਨੌਵੀਂ ਪੰਧੇਰ ਵਿਖੇ ਕਰਵਾਏ ਜਾਣਗੇ | 9 ਨਵੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁਲੱਮਸਰ ਮੌੜ ਅਤੇ ਗੁਰਦੁਆਰਾ ਦਾਤਨਸਰ ਸਾਹਿਬ ਪਾਤਸ਼ਾਹੀ ਨੌਵੀਂ ਭਗਤਪੁਰਾ ਵਿਖੇ ਸਮਾਗਮ ਕਰਵਾਇਆ ਜਾਵੇਗਾ | 14 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਸਮਾਗਮ ਕਰਵਾਇਆ ਜਾਵੇਗਾ | 14 ਨਵੰਬਰ ਨੂੰ ਹੀ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ | 15 ਨਵੰਬਰ ਨੂੰ ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਠੇ ਚੁੰਗਾ ਅਤੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪੱਖੋਂ ਕਲਾਂ ਵਿਖੇ ਕਰਵਾਏ ਜਾਣਗੇ | 16 ਨਵੰਬਰ ਨੂੰ ਇਹ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਨੌਵੀਂ ਭੈਣੀ ਮਹਿਰਾਜ ਵਿਖੇ ਕਰਵਾਏ ਜਾਣਗੇ | ਇਨ੍ਹਾਂ ਸਾਰੀਆਂ ਧਾਰਮਿਕ ਥਾਵਾਂ 'ਤੇ ਗੁਰੂ ਸਾਹਿਬ ਨੂੰ ਸਮਰਪਿਤ ਕਵੀ ਦਰਬਾਰ, ਢਾਡੀ, ਕੀਰਤਨ ਅਤੇ ਕਵੀਸ਼ਰੀਆਂ ਵੀ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕੱਢੀ ਜਾ ਰਹੀ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ 20 ਨਵੰਬਰ ਨੂੰ ਪੁੱਜੇਗੀ | ਇਹ ਯਾਤਰਾ ਜ਼ਿਲ੍ਹਾ ਬਰਨਾਲਾ 'ਚ ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਰੁਕੇਗੀ | ਜ਼ਿਲ੍ਹਾ ਬਠਿੰਡਾ ਤੋਂ ਆ ਰਹੀ ਇਸ ਯਾਤਰਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਸਵਾਗਤ ਕੀਤਾ ਜਾਵੇਗਾ | ਗੁਰਦੁਆਰਾ ਸੋਹੀਆਣਾ ਸਾਹਿਬ ਤੋਂ ਯਾਤਰਾ ਹੰਡਿਆਇਆ ਵਿਖੇ ਪੁੱਜੇਗੀ | ਹੰਡਿਆਇਆ ਤੋਂ ਕਚਹਿਰੀ ਚੌਂਕ, ਗੁਰਦੁਆਰਾ ਨਾਨਕਸਰ ਸਾਹਿਬ, ਆਈ ਟੀ ਆਈ ਚੌਂਕ ਤੋਂ ਬਡਬਰ ਟੋਲ ਪਲਾਜ਼ਾ ਵਿਖੇ ਪੁੱਜੇਗੀ | ਉਨ੍ਹਾਂ ਹਦਾਇਤ ਕੀਤੀ ਕਿ ਯਾਤਰਾ ਦੇ ਰੂਟ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕੀਤੀ ਜਾਵੇ, ਸੜਕਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੁਪਿ੍ਤਾ ਜੌਹਲ, ਉਪ ਮੰਡਲ ਮੈਜਿਸਟਰੇਟ ਬਰਨਾਲਾ ਅਤੇ ਮਹਿਲ ਕਲਾਂ ਮੈਡਮ ਸੋਨਮ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਗੁਰਜੰਟ ਸਿੰਘ ਬਰਨਾਲਾ, ਰਾਮ ਸਰੂਪ ਸ਼ਰਮਾ, ਮਾਲਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |