ਧਨੌਲਾ, 31 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਸਤੀ ਦਾਸ , ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ਵਿਚ ਆਰੰਭ ਕੀਤੇ ਗਏ ਨਗਰ ਕੀਰਤਨ ਦਾ ਧਨੌਲਾ ਮੰਡੀ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਪਹਿਲੇ ਪੜਾਅ ਦੌਰਾਨ ਬੱਸ ਸਟੈਂਡ ਧਨੌਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਬੀ.ਜੇ.ਪੀ ਦੇ ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਮੱਖਣ ਸਿੰਘ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤਿਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਅਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ | ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਅੱਗੇ ਪੁੱਜਿਆ | ਜਿੱਥੇ ਜਥੇਦਾਰ ਟੇਕ ਸਿੰਘ ਧਨੌਲਾ ਤਖ਼ਤ ਸ੍ਰੀ ਦਮਦਮਾ ਸਾਹਿਬ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੰਤ ਬਲਬੀਰ ਸਿੰਘ ਘੁੰਨਸ, ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ, ਐਡਵੋਕੇਟ ਸਤਨਾਮ ਸਿੰਘ ਰਾਹੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ, ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਪੁਰਜ਼ੋਰ ਸਵਾਗਤ ਕੀਤਾ ਗਿਆ | ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ੍ਰੀ ਰੁਪਿੰਦਰ ਸਿੰਘ ਸੰਧੂ ਨੇ ਇਕਸੁਰ ਹੁੰਦਿਆਂ ਆਖਿਆ ਕਿ ਸਾਊਥ ਦੇ ਲੋਕਾਂ ਨੇ ਲਾਸਾਨੀ ਸ਼ਹਾਦਤਾਂ ਅੱਗੇ ਨਤਮਸਤਕ ਹੁੰਦਿਆਂ ਨਗਰ ਕੀਰਤਨ ਦੀ ਲਹਿਰ ਪ੍ਰਚੰਡ ਕੀਤੀ ਜਿਸ ਨੂੰ ਦੇਸ਼ ਦੇ ਕੋਨੇ-ਕੋਨੇ ਤੋਂ ਲਿਜਾਣ ਦਾ ਸੁਭਾਗਾ ਕਾਰਜ ਆਰੰਭਿਆ ਗਿਆ | ਜਥੇਦਾਰ ਟੇਕ ਸਿੰਘ ਨੇ ਜ਼ੋਰ ਦੇ ਕੇ ਆਖਿਆ ਕਿ ਮਾਲਵਾ ਖ਼ਿੱਤੇ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਦੇਣ ਹੈ | ਸਿੰਘ ਸਾਹਿਬ ਨੇ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸਮੁੱਚੇ ਪਰਿਵਾਰ ਦਾ ਸਿੱਖ ਅਤੇ ਹਿੰਦੂ ਧਰਮ ਚਾਹ ਕੇ ਵੀ ਕਰਜ਼ ਅਦਾ ਨਹੀਂ ਕਰ ਸਕਦਾ | ਸਮੁੱਚੀ ਲੁਕਾਈ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਆਪਣੇ ਬੱਚਿਆਂ ਨੂੰ ਗੁਰਮਤਿ ਦੇ ਲੜ ਲਾਉਣ ਤਾਂ ਕਿ ਉਨ੍ਹਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਸੈਂਕੜਿਆਂ ਦੀ ਤਾਦਾਦ ਵਿਚ ਸੰਗਤ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ |