ਬਰਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਸਬੰਧੀ ਸੂ ਮੋਟੋ ਨੋਟਿਸ ਲਿਆ ਗਿਆ ਹੈ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ 6 ਨਵੰਬਰ ਨੂੰ ਰਾਜਾ ਵੜਿੰਗ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ | ਸ੍ਰੀ ਸ਼ੀਤਲ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਖ਼ਿਲਾਫ਼ ਕੋਈ ਵੀ ਅਪਮਾਨਜਨਕ ਸ਼ਬਦਾਵਲੀ ਨਾ-ਮਨਜ਼ੂਰ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ |