ਭਦੌੜ, 24 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਬਜ਼ੁਰਗਾਂ ਦੇ ਸਤਿਕਾਰ ਸਬੰਧੀ ਸਰਕਾਰੀ ਹਾਈ ਸਕੂਲ ਜੰਗੀਆਣਾ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਸੱਤ ਬਜ਼ੁਰਗ ਰਾਮ ਸਿੰਘ, ਮੋਠਾ ਸਿੰਘ, ਅਜਮੇਰ ਸਿੰਘ ਮੈਂਬਰ, ਮੱਘਰ ਸਿੰਘ, ਕਰਤਾਰ ਸਿੰਘ, ਮੁਖ਼ਤਿਆਰ ਸਿੰਘ, ਸੁਖਮੰਦਰ ਸਿੰਘ ਨੂੰ ਸਿਰੋਪਾਉ ਸਾਹਿਬ ਅਤੇ ਮੈਡਲ ਦੇ ਕੇ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਦੀਆਂ ਪਿੰਡ ਪ੍ਰਤੀ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਵੀ ਕੀਤਾ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਬਜ਼ੁਰਗਾਂ ਦਾ ਸਤਿਕਾਰ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਜੀਵਨ ਵਿਚ ਬਜ਼ੁਰਗਾਂ ਦੀ ਸਾਂਭ ਸੰਭਾਲ ਸਬੰਧੀ ਪ੍ਰੇਰਿਤ ਕੀਤਾ | ਮੁੱਖ ਅਧਿਆਪਕ ਸੁਖਦੇਵ ਸਿੰਘ ਤੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੇ ਮਨ ਵਿਚ ਜਜ਼ਬਾ ਅਤੇ ਤੁਹਾਡੇ ਨਾਲ ਬਜ਼ੁਰਗਾਂ ਦਾ ਅਸ਼ੀਰਵਾਦ ਹੋਵੇ ਤਾਂ ਤੁਸੀਂ ਕਿਸੇ ਵੀ ਮੁਕਾਮ 'ਤੇ ਪਹੁੰਚ ਸਕਦੇ ਹੋ | ਇਸ ਮੌਕੇ ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਦੀਸ਼ ਸਿੰਘ, ਰਾਮ ਸਿੰਘ, ਬਿੰਦਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |