ਭਦੌੜ, 7 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਬਲਾਕ ਪ੍ਰਧਾਨ ਰਾਜਵੀਰ ਸਿੰਗਲਾ, ਸੀਨੀਅਰ ਆਗੂ ਮੱਖਣ ਸਿੰਘ ਨੈਣੇਵਾਲੀਆ ਅਤੇ ਨਿਰਮਲ ਸਿੰਘ ਸੰਧੂ ਕੈਨੇਡਾ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੀ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੇ ਆਪ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਪ੍ਰਕਿਰਿਆਵਾਂ ਵਿਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾਂ ਕੋਈ ਬੇਨਿਯਮੀ ਵਰਤੀ ਤਾਂ ਕਾਂਗਰਸ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਇਸ ਸਰਕਾਰ ਦੇ ਰਾਜ ਅੰਦਰ ਸਿਆਸੀ ਬਦਲਾਖੋਰੀ ਦੀ ਭਾਵਨਾ ਸਿਖਰ 'ਤੇ ਹੈ | ਪਰ ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ ਲਈ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਗੈਰ ਲੋਕਤੰਤਰੀ ਕਦਮ ਦਾ ਢੁਕਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਨੇ ਹਲਕਾ ਭਦੌੜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਆਮ ਆਦਮੀ ਪਾਰਟੀ ਦੇ ਰਾਜ ਭਾਗ ਨੂੰ ਚੰਗੀ ਤਰ੍ਹਾਂ ਮਾਪ ਚੁੱਕੇ ਹੋ ਜਿਸ ਕਰ ਕੇ ਹਲਕੇ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਜਿਤਾਓ ਤਾਂ ਜੋ ਆਉਣ ਵਾਲੇ ਸਮੇਂ ਅੰਦਰ ਬਿਹਤਰ ਕੰਮਾਂ ਤਰਜੀਹ ਦਿੱਤੀ ਜਾ ਸਕੇ |